ਸ੍ਰੀ ਫ਼ਤਹਿਗੜ੍ਹ ਸਾਹਿਬ /6 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਦੀ ਯੋਗ ਅਗਵਾਈ ਹੇਠ ਜਿਲਾ ਨਸ਼ਾ ਛੁਡਾਊ ਕੇਂਦਰ ਵਿਖੇ ਮਾਨਸਿਕ ਰੋਗਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਦੇ ਨਾਲ ਨਾਲ ਚਾਰਟ ਮੇਕਿੰਗ ਕੰਪੀਟੀਸ਼ਨ ਵੀ ਕਰਵਾਇਆ ਗਿਆ। ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਮਰੀਜ਼ਾਂ ਦੀ ਹੌਸਲਾ ਅਫਜਾਈ ਵੀ ਕੀਤੀ ਗਈ ਅਤੇ ਉਹਨਾਂ ਨੂੰ ਆਪਣਾ ਧਿਆਨ ਸਮਾਜਿਕ ਕੰਮਕਾਰ, ਘਰੇਲੂ ਜੀਵਨ, ਸਿਹਤਮੰਦ ਜੀਵਨ ਅਤੇ ਹੋਰ ਚੰਗੀਆਂ ਆਦਤਾਂ ਵੱਲ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਦਵਿੰਦਰਜੀਤ ਕੌਰ ਨੇ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ ਨੇ ਕਿਹਾ ਕਿ ਜਿਲਾ ਹਸਪਤਾਲ ਵਿਖੇ ਮਾਹਰ ਡਾਕਟਰਾਂ ਵੱਲੋਂ ਮਾਨਸਿਕ ਰੋਗਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਲੋੜ ਪੈਣ ਤੇ ਦਾਖਲਾ ਸੁਵਿਧਾਵਾਂ ਵੀ ਉਪਲਬਧ ਕਰਵਾਈਆਂ ਜਾਂਦੀਆਂ ਹਨ। ਮਾਨਸਿਕ ਰੋਗਾਂ ਦੇ ਮਾਹਿਰ ਡਾ. ਸਨਪ੍ਰੀਤ ਕੌਰ ਨੇ ਰੋਗ ਦੇ ਚਿੰਨ, ਨਿਸ਼ਾਨੀਆਂ, ਲੱਛਣ ਅਤੇ ਇਸ ਤੇ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਰ ਡਾ. ਰੀਤੂ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਕੌਂਸਲਰ ਸਿਮਰਨ ਅਤੇ ਬਿਕਰਮਜੀਤ ਸਿੰਘ ਵੀ ਹਾਜ਼ਰ ਸਨ ।