ਸ੍ਰੀ ਫ਼ਤਹਿਗੜ੍ਹ ਸਾਹਿਬ/6 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪਾਕਿਸਤਾਨ ਦੀ ਧਰਤੀ ਉੱਤੇ ਸ਼ਸ਼ੋਭਿਤ ਵਿਸ਼ਵ ਦੇ ਸਰਬਸਾਂਝੇ, ਸਰਬ-ਕਲਿਆਣਕਾਰੀ ਅਤੇ ਸਰਬ-ਹਿਤਕਾਰੀ ਧਾਰਮਿਕ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਦੇ ਚਾਹਵਾਨ ਸ਼ਰਧਾਲੂਆਂ ਉੱਤੇ ਵੀਹ ਅਮਰੀਕੀ ਡਾਲਰ ਫੀਸ ਦੇ ਅੱਗਲੇ ਪੰਜ ਸਾਲਾਂ ਲਈ ਜਾਰੀ ਰੱਖਣ ਦਾ ਫੈਸਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇਸ਼ ਦੀ ਸਰਕਾਰ ਦੇ ਇਸ ਫੈਸਲੇ ਨਾਲ ਸਮੂਹ ਦਰਸ਼ਨ ਅਭਿਲਾਖੀ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਲਗੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਆਪਣਾ ਮੰਦਭਾਗਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਭਾਰਤ ਦੀ ਕੇਂਦਰੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਕੂਟਨੀਤਕ ਚੈਨਲਾਂ ਰਾਹੀਂ ਇਸ ਮੰਦਭਾਗੇ ਫੈਸਲੇ ਨੂੰ ਵਾਪਸ ਕਰਾਉਣ ਹਿਤ ਪਾਕਿਸਤਾਨ ਸਰਕਾਰ ਕੋਲ ਇਹ ਮਾਮਲਾ ਉਠਾਵੇ।