ਸ੍ਰੀ ਫ਼ਤਹਿਗੜ੍ਹ ਸਾਹਿਬ/7 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਮਾਤਾ ਗੁਜਰੀ ਕਾਲਜ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਕਮਰਸ ਸਟਰੀਮ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਪ੍ਰਿੰਸੀਪਲ ਰੀਟਾ ਰਾਣੀ ਨੇ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਕਾਲਜ ਦੇ ਸਟਾਫ਼ ਦਾ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿੱਦਿਅਕ ਦੌਰਾ ਸਕੂਲ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਰਿਹਾ ਹੈ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਿਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੇ ਅਧਿਆਪਕਾਂ ਨੇ ਉੱਚੇਰੀ ਵਿੱਦਿਆ ਦੇ ਕਿੱਤਾਮੁਖੀ ਕੋਰਸਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਕਾਲਜ ਵਿਖੇ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਉੱਚ ਪੱਧਰ ਦੀਆਂ ਵਿੱਦਿਅਕ ਸਹੂਲਤਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਇਸ ਮੌਕੇ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ ਨੇ ਕਮੱਰਸ ਸਟਰੀਮ ਦੇ ਵਿਦਿਆਰਥੀਆਂ ਲਈ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ.ਹਰਜੀਤ ਸਿੰਘ, ਪ੍ਰੋ.ਰਵਿੰਦਰ ਕੌਰ, ਡਾ. ਅਵਨੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਸਕੂਲ ਵਿੱਚ ਲੈਕਚਰਾਰ ਇਨ ਕਾਮੱਰਸ ਜਸਪ੍ਰੀਤ ਕੌਰ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਵਿਦਿਆਰਥੀਆਂ ਨੂੰ ਲਾਹੇਵੰਦ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।