ਸ੍ਰੀ ਫ਼ਤਹਿਗੜ੍ਹ ਸਾਹਿਬ/7 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਅੰਤਰ ਕਾਲਜ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਤੀਹ ਹਜ਼ਾਰ ਰੁਪਏ ਨਕਦ ਰਾਸ਼ੀ ਨਾਲ ਓਵਰਆਲ ਰਨਰਅੱਪ ਟਰਾਫ਼ੀ ਜਿੱਤ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਇਕ ਸਿਰਮੌਰ ਸਿੱਖਿਆ ਸੰਸਥਾ ਹੈ ਜਿਸ ਵੱਲੋਂ ਧਰਮ ਦੇ ਪ੍ਰਚਾਰ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿਰੰਤਰ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਖੇਡ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦੇ ਹੋਣਹਾਰ ਖਿਡਾਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਸਹਾਇਕ ਸਿੱਧ ਹੋਣਗੇ। ਇਸ ਮੌਕੇ ਕੋਚ ਬਹਾਦਰ ਸਿੰਘ ਅਤੇ ਕਬੱਡੀ ਕੋਚ ਧਰਮ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਨਿਰੰਤਰ ਮਿਹਨਤ ਕਰਨ ਅਤੇ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।