ਸ੍ਰੀ ਫ਼ਤਹਿਗੜ੍ਹ ਸਾਹਿਬ/9 ਨਵੰਬਰ:
( ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਡਾਕਟਰਾਂ ਨਾਲ ਵੀਡੀਓ ਕਾਨਫਰੰਸ ਦੇ ਜਰੀਏ ਜਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਹਨਾਂ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਦੇ ਇੰਚਾਰਜਾਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਉਹ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਆਪੋ ਆਪਣੀ ਸੰਸਥਾ ਵਿੱਚ ਲੋੜੀਂਦੀਆਂ ਦਵਾਈਆਂ, ਲੈਬ ਟੈਸਟ ਅਤੇ ਹੋਰ ਲੋੜੀਂਦੇ ਸਾਜੋ ਸਮਾਨ, ਮਰੀਜ਼ਾਂ ਦੇ ਬੈਠਣ ਦਾ ਪ੍ਰਬੰਧ, ਪਾਣੀ ਦਾ ਪ੍ਰਬੰਧ, ਬਿਜਲੀ ਦੀ ਬੈਕਅਪ, ਸੰਸਥਾ ਦੀ ਸਾਫ ਸਫਾਈ, ਟੋਕਨ ਮਸ਼ੀਨਾਂ ਆਦ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਉਹਨਾਂ ਇਹ ਵੀ ਕਿਹਾ ਕਿ ਸੰਸਥਾ ਵਿੱਚ ਜੇਕਰ ਕਿਸੇ ਵਸਤੂ/ਮਸ਼ੀਨ ਵਿੱਚ ਕੋਈ ਤਕਨੀਕੀ ਖਰਾਬੀ ਆਉਂਦੀ ਹੈ ਤਾਂ ਉਹ ਤੁਰੰਤ ਆਪਣੇ ਪੱਧਰ ਤੇ ਠੀਕ ਕਰਵਾਈ ਜਾਵੇ ਠੀਕ ਨਾ ਹੋਣ ਦੀ ਸੂਰਤ ਵਿੱਚ ਇਸ ਦੀ ਸੂਚਨਾ ਤੁਰੰਤ ਜਿਲਾ ਪੱਧਰ ਤੇ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸੰਸਥਾ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਉਪਲਬਧ ਕਰਵਾਈਆਂ ਜਾਣ ਕਿਸੇ ਵੀ ਮਰੀਜ਼ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ । ਸੰਸਥਾ ਵਿੱਚ ਦਵਾਈ ਖਤਮ ਹੋਣ ਤੋਂ ਪਹਿਲਾਂ ਹੀ ਇਸ ਦੀ ਮੰਗ ਜਿਲਾ ਪੱਧਰ /ਵੇਅਰ ਹਾਊਸ ਤੋਂ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਲੁੜੀਂਦੀਆਂ ਥਾਵਾਂ ਤੇ ਮਰੀਜ਼ਾਂ ਨੂੰ ਵਾਟਰ ਕੂਲਰ ,ਗੀਜਰ ਜਾਂ ਹੀਟਰ ਦੀ ਸਹੂਲਤ ਵੀ ਉਪਲਬਧ ਕਰਵਾਈ ਜਾਵੇ।ਡਾ. ਦਵਿੰਦਰਜੀਤ ਕੌਰ ਨੇ ਸੂਬਾ ਪੱਧਰ ਤੋਂ ਮਿਲੀਆਂ ਹਦਾਇਤਾਂ ਸਬੰਧੀ ਉਨਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ, ਡੀਪੀਐਮ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਫਾਰਮੇਸੀ ਅਫਸਰ ਸੰਦੀਪ ਸਿੰਘ ਅਤੇ ਗਗਨ ਥੰਮਣ ਵੀ ਹਾਜ਼ਰ ਸਨ।