ਸ੍ਰੀ ਫ਼ਤਹਿਗੜ੍ਹ ਸਾਹਿਬ/11 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਦੀ ਇੱਕ ਸੰਸਥਾ ਵੱਲੋਂ ਸ਼ਹੀਦ-ਦੇ-ਆਜ਼ਮ ਭਗਤ ਸਿੰਘ ਤੇ ਨਾਮ 'ਤੇ ਚੌਂਕ ਬਣਾਏ ਜਾਣ ਦੀ ਮੰਗ ਨੂੰ ਪਾਕ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਇਨਕਲਾਬੀ ਨਹੀਂ, ਸਗੋਂ "ਅਪਰਾਧੀ' ਕਰਾਰ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਅੱਜ ਪਾਕਿਸਤਾਨ ਦੀ ਆਜ਼ਾਦ ਹੋਂਦ ਹੈ ਤਾਂ ਅਜਿਹੇ ਸੂਰਬੀਰ ਯੋਧਿਆਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਸਿੰਘ, ਸ਼ਹੀਦ ਉਧਮ ਸਿੰਘ, ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਅਤੇ ਸੂਰਬੀਰ ਯੋਧਿਆਂ ਦੀ ਬਦੌਲਤ ਹੀ ਹੈ ਜਿਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਵਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਪਾਕਿਸਤਾਨ ਦੇਸ਼ ਦੀ ਸਰਕਾਰ ਨੂੰ ਅਜਿਹੇ ਮੰਦਭਾਗੇ ਫੈਸਲੇ ਨਹੀਂ ਕਰਨੇ ਚਾਹੀਦੇ।ਉਹਨਾਂ ਕਿਹਾ ਕਿ ਪਾਕਿਸਤਾਨ ਦੇ ਲਾਹੌਰ ਦੇ ਸ਼ਾਦਮਾਨ ਚੌਂਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪ੍ਰੋ. ਬਡੂੰਗਰ ਨੇ ਆਸਟਰੇਲੀਆ ਦੇ ਸੂਬੇ ਵਿਕਟੋਰੀਆ ਦੀ ਸਰਕਾਰ ਨੇ ਆਸਟਰੇਲੀਆ ਵਿਚ ਸਿੱਖ ਕੌਮ ਵੱਲੋਂ ਪਾਏ ਜਾ ਰਹੇ ਯੋਗਦਾਨ ਅਤੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਮੈਲਬੋਰਨ ਦੇ ਦੱਖਣ ਪੂਰਬ ਇਲਾਕੇ ਵਿੱਚ ਸਥਿਤ ਕੁਦਰਤੀ ਰੰਗਾਂ ਨਾਲ ਭਰਪੂਰ "ਬਰਵਿਕ ਸਪਰਿੰਗਜ਼ ਝੀਲ" ਦਾ ਨਾਮ ਬਦਲ ਕੇ ਅਧਿਕਾਰਤ ਤੌਰ ਤੇ ਗੁਰੂ ਨਾਨਕ ਝੀਲ ਰੱਖਣ ਤੇ ਸੰਗਤ ਨੂੰ ਮੁਬਾਰਕਬਾਦ ਦਿੱਤੀ।