ਸ੍ਰੀ ਫ਼ਤਹਿਗੜ੍ਹ ਸਾਹਿਬ/13 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਪਿੰਡ ਬਡਾਲੀ ਆਲਾ ਸਿੰਘ ਵਿਖੇ ਪੀਣ ਵਾਲੇ ਪਾਣੀ ਦੀ ਹਾਈ ਪਰੈਸ਼ਰ ਪਾਈਪ ਲਾਈਨ ਲੀਕ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲ ਸਪਲਾਈ ਵਿਭਾਗ ਵੱਲੋਂ ਲੀਕੇਜ ਨੂੰ ਠੀਕ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਐੱਸ.ਡੀ.ਓ. ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਦਿੱਤੀ।ਐਸ.ਡੀ.ਓ ਹਰਵੀਰ ਸਿੰਘ ਨੇ ਦੱਸਿਆ ਕਿ ਸਬੰਧਤ ਜੂਨੀਅਰ ਇੰਜੀਨੀਅਰ ਨੇ ਮੌਕੇ 'ਤੇ ਪਾਈਪ ਲਾਈਨ ਲੀਕੇਜ ਨੂੰ ਚੈੱਕ ਕੀਤਾ ਅਤੇ ਨਹਿਰੀ ਪਾਣੀ ਨਾਲ ਸਬੰਧਤ ਕੰਪਨੀ ਨਾਲ ਤਾਲਮੇਲ ਕਰਕੇ ਲੀਕੇਜ ਬੰਦ ਕਰਵਾਈ ਗਈ, ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮਹੁੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਜਿੱਥੇ ਲੋਕਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ, ਉਥੇ ਸਬੰਧਤ ਅਧਿਕਾਰੀਆਂ ਨੂੰ ਵੀ ਪਾਣੀ ਦੀ ਮਹੱਤਤਾ ਨੂੰ ਸਮਝਦੇ ਹੋਏ ਅਜਿਹੇ ਮਾਮਲਿਆਂ ਨੂੰ ਤੁਰੰਤ ਹਲ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਸਾਫ ਪਾਣੀ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਉਣ ਲਈ ਪਿੰਡ ਵਿੱਚੋਂ ਪਾਣੀ ਦੇ ਸੈਂਪਲ ਲੈ ਕੇ ਵੀ ਟੈਸਟਿੰਗ ਹਿੱਤ ਲੈਬ ਭੇਜ ਵਿੱਚ ਦਿੱਤੇ ਗਏ ਹਨ। ਐੱਸ.ਡੀ.ਓ. ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਹਰਵੀਰ ਸਿੰਘ ਨੇ ਦੱਸਿਆ ਕਿ ਇਹ ਪਾਈਪ ਲਾਈਨ ਜ਼ਿਲ੍ਹੇ ਦੇ 92 ਪਿੰਡਾਂ ਨੂੰ ਪੀਣ ਲਈ ਨਹਿਰੀ ਪਾਣੀ ਦੇਣ ਦੇ ਸਰਫੇਸ ਵਾਟਰ ਪ੍ਰੋਜੈਕਟ ਦਾ ਹਿੱਸਾ ਹੈ, ਜਿਹੜਾ ਕਿ ਲੋਕਾਂ ਲਈ ਬਹੁਤ ਲਾਹੇਵੰਦ ਹੈ। ਉਹਨਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਜਦੋਂ ਵੀ ਕਿਤੇ ਕਿਸੇ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਬਾਬਤ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਵਿਭਾਗ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਸ ਮੁਸ਼ਕਿਲ ਦਾ ਫੌਰੀ ਹੱਲ ਕਰਵਾਇਆ ਜਾਵੇਗਾ।