ਚੰਡੀਗੜ੍ਹ, 18 ਨਵੰਬਰ
ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਬੈਨਰ ਹੇਠ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਦਫ਼ਤਰ, ਇੰਡਸਟਰੀਅਲ ਏਰੀਆ ਫੇਜ਼-1, ਚੰਡੀਗੜ੍ਹ ਦੇ ਸਾਹਮਣੇ ਰੋਸ ਰੈਲੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਵਿਨੈ ਪਰਸ਼ਾਦ, ਸੁਰਜੀਤ ਸਿੰਘ, ਗੁਰਨਾਮ ਸਿੰਘ, ਮੂਲਚੰਦ ਅਸਾਈ, ਕਸ਼ਮੀਰ ਸਿੰਘ ਅਤੇ ਹੋਰ ਯੂਨੀਅਨ ਆਗੂਆਂ ਨੇ ਭਾਰਤ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਸਖ਼ਤ ਵਿਰੋਧ ਕੀਤਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਤੀ ਅਵੇਸਲੇਪਣ ਦੀ ਆਲੋਚਨਾ ਕੀਤੀ। ਮੁਲਾਜ਼ਮਾਂ ਨੇ ਨਾਂਹ-ਪੱਖੀ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਅਖੌਤੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਗਲਤੀਆਂ ਕਰ ਰਹੇ ਹਨ ਅਤੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਖਾਸ ਕਰਕੇ ਉਸ ਸਮੇਂ ਦੇ ਮੁੱਖ ਇੰਜਨੀਅਰ ਦੀ ਆਲੋਚਨਾ ਕੀਤੀ ਜਿਨ੍ਹਾਂ ਨੇ ਸਰਕਾਰ ਦੀਆਂ ਹਦਾਇਤਾਂ/ਸਰਕੂਲਰ ਨੂੰ ਇੱਕਤਰਫਾ ਲਾਗੂ ਕੀਤਾ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਪ੍ਰਸ਼ਾਸ਼ਨ ਦੇ ਸਲਾਹਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਗਲਤੀਆਂ ਨੂੰ ਸੁਧਾਰਿਆ ਜਾਵੇਗਾ ਪਰ ਅਫਸੋਸ ਦੀ ਗੱਲ ਹੈ ਕਿ ਉਹੀ ਗਲਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਮੁੜ ਦੁਹਰਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਫੈਸਲੇ ਵਿਰੁੱਧ ਉਨ੍ਹਾਂ ਵੱਲੋਂ ਤਿੱਖਾ ਵਿਰੋਧ ਅਤੇ ਸੰਘਰਸ਼ ਕਰਨਗੇ । ਉਨਾਂ ਮਾਣਯੋਗ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਮਾਨਯੋਗ ਪ੍ਰਸ਼ਾਸਕ ਨੂੰ ਇਸ ਮਾਮਲੇ ਵਿੱਚ ਦੇ ਕੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਰੋਕਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀਅਆ ਦੀ ਸਹਿਮਤੀ ਤੋਂ ਬਿਨਾਂ ਕਿਸੇ ਅਖੌਤੀ ਟਰੱਸਟ ਵਿੱਚ ਤਬਦੀਲ ਨਾ ਕੀਤਾ ਜਾਵੇ ਕਿਉਂਕਿ ਬਿਜਲੀ ਵਿਭਾਗ ਦੇ ਕਰਮਚਾਰੀ ਕੇਂਦਰੀ ਸਿਵਲ ਸੇਵਾਵਾਂ ਨਿਯਮਾਂ ਅਧੀਨ ਸੇਵਾਵਾਂ ਨਿਭਾ ਰਹੇ ਹਨ, ਇਸ ਲਈ ਨਿਯਮਾਂ ਵਿੱਚ ਸੇਵਾ ਦੀਆਂ ਸ਼ਰਤਾਂ ਨੂੰ ਬਦਲਣ ਦੀ ਕੋਈ ਵਿਵਸਥਾ ਨਹੀਂ ਹੈ। ਮੁਲਾਜ਼ਮਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤਬਾਦਲਾ ਨੀਤੀ ਅਤੇ ਤਿਕੋਣੀ ਸਮਝੌਤੇ ਨੂੰ ਅੰਤਿਮ ਰੂਪ ਦਿੱਤੇ ਬਿਨਾਂ ਐੱਲ.ਓ.ਆਈ. ਜਾਰੀ ਕੀਤੀ ਗਈ ਤਾਂ ਯੂਨੀਅਨ 22 ਨਵੰਬਰ 2024 ਨੂੰ ਰੈਲੀ ਕਰਕੇ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਆਗੂਆਂ ਨੇ ਸਮੂਹ ਮੁਲਾਜ਼ਮਾਂ ਨੂੰ 22 ਨਵੰਬਰ ਦੀ ਰੈਲੀ ਵਿੱਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ।