ਸ੍ਰੀ ਫ਼ਤਹਿਗੜ੍ਹ ਸਾਹਿਬ/ 21 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹਰੇਕ ਸਾਲ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਾਉਣ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਾਰੀ ਕੀਤੀਆਂ। ਉਹਨਾਂ ਦੱਸਿਆ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਲਿੰਕਨ ਕਾਲਜ ਰੋਡ, ਰੋਜ਼ਾ ਸ਼ਰੀਫ ਵਾਲੀ ਸੜਕ ਤੇ ਮਾਧੋਪੁਰ ਅੰਡਰ ਪਾਸ ਵਿਖੇ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਲਈ ਪੁੱਜ ਸਕਣ।ਡਾ. ਸੋਨਾ ਥਿੰਦ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦਿਵਿਆਂਗਜਨਾਂ, ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 50 ਤੋਂ ਵੱਧ ਮੁਫਤ ਬੱਸਾਂ ਅਤੇ ਈ. ਰਿਕਸ਼ਾ ਚਲਾਏ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਆਉਣ ਜਾਣ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਮੈਡੀਕਲ ਸਹਾਇਤਾ ਕੇਂਦਰ ਬਣਾਏ ਜਾਣਗੇ ਤੇ ਸਿਹਤ ਵਿਭਾਗ ਵੱਲੋਂ ਆਰਜੀ ਡਿਸਪੈਂਸਰੀਆਂ ਬਣਾਈਆਂ ਜਾਣਗੀਆਂ ਜਿਥੇ ਕਿ ਸੰਗਤ ਨੂੰ 24 ਘੰਟੇ ਸਿਹਤ ਸੁਵਿਧਾਵਾਂ ਮਿਲ ਸਕਣਗੀਆਂ। ਇਸ ਤੋਂ ਇਲਾਵਾ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇਗਾ ਤੇ ਆਰਜੀ ਡਿਸਪੈਂਸਰੀਆਂ ਤੇ ਐਂਬੂਲੈਸ ਦੀ ਸਹੂਲਤ ਵੀ ਉਪਲਬਧ ਹੋਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ਼ਹੀਦੀ ਸਭਾ ਦੇ ਇਲਾਕੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਆਪਣੇ ਦਫ਼ਤਰਾਂ ਵਿੱਚ ਕੰਮ ਕਰਦੇ ਸਟਾਫ ਦੀਆਂ ਲਿਸਟਾਂ ਡੀ.ਸੀ. ਦਫ਼ਤਰ ਵਿਖੇ ਭੇਜੀਆਂ ਜਾਣ ਤਾਂ ਜੋ ਸ਼ਹੀਦੀ ਸਭਾ ਦੌਰਾਨ ਡਿਊਟੀ ਕਰਨ ਵਾਲੇ ਸਟਾਫ ਨੂੰ ਪਾਸ ਜਾਰੀ ਕੀਤੇ ਜਾ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਪੀ. (ਜਾਂਚ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਨਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।