ਸ੍ਰੀ ਫ਼ਤਹਿਗੜ੍ਹ ਸਾਹਿਬ/21 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)
ਸਰਬੱਤ ਦਾ ਭਲਾ ਟਰੱਸਟ ਨੇ ਸੰਨੀ ਓਬਰਾਏ ਸਕਾਲਰਸ਼ਿਪ ਸਕੀਮ ਅਧੀਨ ਮਾਤਾ ਗੁਜਰੀ ਕਾਲਜ ਦੇ ਸੈਸ਼ਨ 2024-25 ਦੇ 34 ਲੋੜਵੰਦ ਵਿਦਿਆਰਥੀਆਂ ਨੂੰ 2,60,000 ਰੁਪਏ ਕਾਲਜ ਦੀਆਂ ਫ਼ੀਸਾਂ ਦੇ ਰੂਪ ਵਿੱਚ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ।
ਟਰੱਸਟ ਦੇ ਐਜੂਕੇਸ਼ਨ ਵਿੰਗ ਦੀ ਡਾਇਰੈਕਟਰ ਇੰਦਰਜੀਤ ਕੌਰ ਨੇ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੱਸਿਆ ਕਿ ਟਰੱਸਟ ਵੱਲੋਂ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਉੱਚ-ਵਿੱਦਿਆ ਦੀ ਪੜ੍ਹਾਈ ਲਈ ਜ਼ਰੂਰਤਮੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਇਹ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਸੇ ਕੜੀ ਤਹਿਤ ਕਾਲਜ ਦੇ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ ਪ੍ਰਾਪਤ ਹੋਈ ਅਤੇ ਭਵਿੱਖ ਵਿੱਚ ਵੀ ਇਹ ਰਾਸ਼ੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਮਨੁੱਖਤਾ ਨੂੰ ਬਖ਼ਸ਼ੇ ਮਹਾਨ ਫ਼ਲਸਫ਼ੇ ਅਨੁਸਾਰ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀ ਪਾਲਣਾ ਕਰਦੇ ਹੋਏ ਸਮਾਜਿਕ ਭਲਾਈ ਦੇ ਕਾਰਜਾਂ ਜਿਨ੍ਹਾਂ ਵਿੱਚ ਸਿਲਾਈ-ਕਢਾਈ, ਕੰਪਿਊਟਰ ਕੋਰਸ ਅਤੇ ਹੋਰ ਸਮਾਜਿਕ ਭਲਾਈ ਦੇ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਵੀ ਫ਼ੀਸਾਂ ਦੇ ਰੂਪ ਵਿੱਚ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਟਰੱਸਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਡਾ. ਗੁਰਬਾਜ ਸਿੰਘ, ਡਾ. ਪੁਸ਼ਪਿੰਦਰ ਸਿੰਘ, ਪ੍ਰੋ. ਹਰਭਿੰਦਰ ਸਿੰਘ, ਟਰੱਸਟ ਵੱਲੋਂ ਮੀਤ ਪ੍ਰਧਾਨ ਜੈਕਿਸ਼ਨ ਕਸ਼ਿਅਪ, ਸੈਕਟਰੀ ਪਰਮਜੀਤ ਸਿੰਘ, ਗੁਰਮੁਖ ਸਿੰਘ ਕਾਲੇਵਾਲ ਮੈਂਬਰ, ਜਸਵੰਤ ਸਿੰਘ ਦਫ਼ਤਰ ਇੰਚਾਰਜ, ਸੁਰਿੰਦਰ ਸਿੰਘ ਪ੍ਰਧਾਨ ਪਟਿਆਲਾ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।