ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ 75ਵਾਂ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਵਿਭਾਗ ਵੱਲੋਂ ਕਈ ਤਰ੍ਹਾਂ ਦੀਆਂ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਨ੍ਹਾਂ ਗਤੀਵਿਧੀਆਂ ਅਧੀਨ ਸਭ ਤੋਂ ਪਹਿਲਾਂ ਵਿਭਾਗ ਦੀ ਵਿਦਿਆਰਥਣ ਹੇਮਨਪ੍ਰੀਤ ਕੌਰ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ ਅਤੇ ਵਿਦਿਆਰਥੀਆਂ ਵੱਲੋਂ ਪ੍ਰਸਤਾਵਨਾ ਵਿਚ ਦਰਜ ਸੰਵਿਧਾਨਕ ਉਦੇਸ਼ਾਂ ਉੱਪਰ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦਾ ਚਾਰਟ ਮੇਕਿੰਗ ਮੁਕਾਬਲਾ ਵੀ ਆਯੋਜਿਤ ਕਰਵਾਇਆ ਗਿਆ ਜਿਸ ਵਿਚ ਤਕਰੀਬਨ 30 ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਜਿੱਥੇ ਵੱਖ-ਵੱਖ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਖਿੱਤਿਆਂ ਨਾਲ ਸਬੰਧਿਤ ਲੋਕ ਆਪਸ ਵਿਚ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸਮਾਨਤਾ ਦਾ ਅਧਿਕਾਰ ਪ੍ਰਦਾਨ ਕਰਦਾ ਹੈ ਜੋ ਕਿ ਕੇਵਲ ਇਕ ਲੋਕਤੰਤਰੀ ਦੇਸ਼ ਵਿੱਚ ਹੀ ਸੰਭਵ ਹੈ।ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਵੱਲੋਂ ਸੰਵਿਧਾਨ ਦੇ ਉਦੇਸ਼ਾਂ ਅਤੇ ਆਦਰਸ਼ਾਂ ਉੱਪਰ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਸੰਵਿਧਾਨ ਵਿੱਚ ਦਰਸਾਏ ਗਏ ਉਦੇਸ਼ਾਂ ਉੱਪਰ ਪਹਿਰਾ ਦਿੰਦਿਆਂ ਹੋਇਆਂ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਕਰਤੱਵ ਨਿਭਾਉਣਾ ਚਾਹੀਦਾ ਹੈ ਅਤੇ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਨੂੰ ਮਾਨਣ ਦੇ ਨਾਲ-ਨਾਲ ਆਪਣੇ ਮੌਲਿਕ ਕਰਤੱਵਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਸੋਧਾਂ ਬਾਰੇ ਵੀ ਜਾਗਰੂਕ ਕੀਤਾ। ਵਰਣਨਯੋਗ ਹੈ ਕਿ ਚਾਰਟ ਮੇਕਿੰਗ ਮੁਕਾਬਲੇ ਵਿਚ ਸੁਮਨ ਨੇ ਪਹਿਲਾ ਸਥਾਨ, ਵੰਦਨਾ ਅਤੇ ਤਾਨੀਆ ਨੇ ਦੂਸਰਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸੰਵਿਧਾਨ ਵਿੱਚ ਦਰਜ ਉਦੇਸ਼ਾਂ ਅਤੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਸਹੁੰ ਵੀ ਚੁੱਕੀ ਗਈ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ।