ਸ੍ਰੀ ਫ਼ਤਹਿਗੜ੍ਹ ਸਾਹਿਬ/28 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਲਈ ਮਾਤਾ ਗੁਜਰੀ ਕਾਲਜ ਵਿਖੇ ਵਿੱਦਿਅਕ ਦੌਰੇ ਦਾ ਆਯੋਜਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਸਿੰਘ ਬੈਂਸ ਨੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਕਾਲਜ ਦੇ ਸਟਾਫ਼ ਦਾ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸਕ ਸਥਾਨਾਂ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਦਾ ਦੌਰਾ ਵੀ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਅਧਿਆਪਕਾਂ ਨੇ ਉੱਚ ਵਿੱਦਿਆ ਦੇ ਵਿਕਲਪਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫ਼ੈਂਸ ਅਕੈਡਮੀ, ਭਾਰਤੀ ਫ਼ੌਜ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੇ ਵੱਖ-ਵੱਖ ਮਾਪਦੰਡਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਾਲਜ ਵਿਖੇ ਉਚੇਰੀ ਵਿੱਦਿਆ ਲਈ ਉਪਲੱਬਧ ਵੱਖ-ਵੱਖ ਕੋਰਸਾਂ ਸਬੰਧੀ ਵੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ।ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਰਸ਼ਮੀ ਅਰੋੜਾ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਕੈਰੀਅਰ ਦੇ ਵਿਕਲਪਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ ਜਿਸ ਦੌਰਾਨ ਡਾ. ਸੰਗੀਤਾ ਜੋਸ਼ੀ ਨੇ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਸਾਈਬਰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਕੰਵਲਦੀਪ ਕੌਰ ਉੱਭਾ, ਡਾ. ਕਮਲਜੀਤ ਕੌਰ ਸਰਾਓ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟਰੇਨਿੰਗ ਸਬੰਧੀ ਅਹਿਮ ਜਾਣਕਾਰੀ ਦਿੱਤੀ। ਸਕੂਲ ਦੇ ਅਧਿਆਪਕਾਂ ਅਮਨਪ੍ਰੀਤ ਕੌਰ ਬੇਦੀ ਅਤੇ ਹਰਪ੍ਰੀਤ ਕੌਰ ਨੇ ਇਸ ਵਿੱਦਿਅਕ ਦੌਰੇ ਨੂੰ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਦੱਸਿਆ।