ਸ੍ਰੀ ਫ਼ਤਹਿਗੜ੍ਹ ਸਾਹਿਬ/ 30 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਜਗਤ ਮਾਤਾ ਗੁਜਰੀ ਜੀ ਦੇ ਸੰਸਕਾਰ ਅਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁੰਬਦ 'ਤੇ ਸੋਨੇ ਦੀ ਪਰਤ ਚੜਾਉਣ ਦੀ ਸੇਵਾ ਅੱਜ ਆਰੰਭ ਹੋਈ। ਸਭ ਤੋਂ ਪਹਿਲਾਂ ਗੁਰੂ ਚਰਨਾਂ 'ਚ ਅਰਦਾਸ ਕੀਤੀ ਗਈ, ਉਪਰੰਤ ਪੰਥਕ ਸਖਸ਼ੀਅਤਾਂ ਵਲੋਂ ਹੱਥੀਂ ਸੋਨੇ ਦੇ ਪੱਤਰੇ ਲਗਾ ਕੇ ਸੇਵਾ ਦੀ ਆਰੰਭਤਾ ਕੀਤੀ ਗਈ।ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਸੰਪਰਦਾਇ ਦਲ ਬਾਬਾ ਬਿਧੀ ਚੰਦ ਸਾਹਿਬ ਜੀ ਵਾਲਿਆਂ ਵੱਲੋਂ ਸੇਵਾ ਦਾ ਕਾਰਜ ਆਰੰਭ ਕਰਵਾਇਆ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁਬੰਦ ਉਪਰ ਸੋਨੇ ਦੀ ਪਰਤ ਲਗਾਉਣ ਦੀ ਸੇਵਾ ਸੰਗਤ ਦੇ ਸਹਿਯੋਗ ਨਾਲ ਕਰਵਾਉਣ ਵਾਲੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਬੱਲ ਤੇ ਹੋਰ ਸੇਵਾ ਕਰਨ ਵਾਲੇ ਸੇਵਾਦਾਰਾਂ ਦੇ ਉੱਦਮ ਦੀ ਸ਼ਲਾਘਾ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਅਜਿਹੇ ਸਾਕੇ ਵਰਤੇ, ਜਿਨਾਂ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਦੇਖਣ ਨੂੰ ਨਹੀਂ ਮਿਲਦੀ।ਸੇਵਾਦਾਰ ਬਾਬਾ ਅਵਤਾਰ ਸਿੰਘ ਜੀ ਬੱਲ ਨੇ ਕਿਹਾ ਕਿ ਇਹ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਪੂਰਾ ਹੋ ਸਕੇਗਾ। ਇਸ ਮੌਕੇ ਪਹੁੰਚਣ ਵਾਲੀਆਂ ਸਮੁੱਚੀਆਂ ਸੰਗਤਾਂ ਅਤੇ ਪ੍ਰਮੁੱਖ ਸਿੱਖ ਸ਼ਹੀਦਾਂ ਦਾ ਉਹਨਾਂ ਵੱਲੋਂ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਸਾਬਕਾ ਵਾਈਸ ਚੇਅਰਮੈਨ ਸਵਰਨ ਸਿੰਘ ਗੋਪਾਲੋ, ਬਰਿੰਦਰ ਸਿੰਘ ਬੱਬਲ, ਜੋਗਾ ਸਿੰਘ ਸੁਪਰਵਾਈਜ਼ਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।