ਸ੍ਰੀ ਫ਼ਤਹਿਗੜ੍ਹ ਸਾਹਿਬ/9 ਦਸੰਬਰ :
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਮਾਣ ਵਧਾਇਆ। ਕਾਲਜ ਦੇ ਬੀ.ਏ.ਜੇ.ਐੱਮ.ਸੀ. ਭਾਗ ਤੀਸਰਾ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਫ਼ੋਟੋਗ੍ਰਾਫ਼ੀ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਅਤੇ ਬੀ.ਏ. ਭਾਗ ਤੀਸਰਾ ਦੀ ਵਿਦਿਆਰਥਣ ਸਿਮਰਨ ਚਾਨੇ ਨੇ ਪੋਸਟਰ ਬਣਾਉਣਾ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਸਲ ਕੀਤਾ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਅਜਿਹੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਜਿੱਥੇ ਵਿਦਿਆਰਥੀਆਂ ਦੀ ਵਿਹਾਰਕ ਅਤੇ ਵਿਵਹਾਰਕ ਪ੍ਰਤਿਭਾ ਵਿੱਚ ਹੋਰ ਨਿਖਾਰ ਆਉਂਦਾ ਹੈ, ਉਥੇ ਨਾਲ ਹੀ ਉਨ੍ਹਾਂ ਦੀ ਮਹੱਤਵਪੂਰਨ ਸਮਾਜਿਕ ਮੁੱਦਿਆਂ ਪ੍ਰਤੀ ਰਚਨਾਤਮਕਤਾ ਅਤੇ ਜਾਗਰੂਕਤਾ ਬਾਰੇ ਵੀ ਪਤਾ ਚੱਲਦਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਨਿਰੰਤਰ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਦੇ ਨਾਲ-ਨਾਲ ਸਹਿ-ਵਿੱਦਿਅਕ ਅਤੇ ਸੱਭਿਆਚਾਰਕ ਸਰਗਰਮੀਆਂ ਵਿੱਚ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਕਾਲਜ ਦੇ ਡੀਨ ਸੱਭਿਆਚਾਰਕ ਸਰਗਰਮੀਆਂ ਡਾ. ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਨੂੰ ਜਿੱਥੇ ਆਪਣੇ ਅੰਦਰ ਛੁਪੀ ਕਲਾਤਮਕ ਅਤੇ ਰਚਨਾਤਮਕ ਪ੍ਰਤਿਭਾ ਬਾਰੇ ਪਤਾ ਚੱਲਦਾ ਹੈ ਉਥੇ ਨਾਲ ਹੀ ਉਨ੍ਹਾਂ ਵਿੱਚ ਆਪਸੀ ਸਹਿਯੋਗ ਅਤੇ ਮਿਲਵਰਤਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ।ਕਾਲਜ ਦੇ ਫ਼ਾਈਨ ਆਰਟਸ ਵਿਭਾਗ ਦੀ ਮੁਖੀ ਡਾ. ਅਵਨੀਤ ਕੌਰ ਅਤੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਦੇ ਮੁਖੀ ਪ੍ਰੋ. ਹਰਗੁਣਪ੍ਰੀਤ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਨਿਰੰਤਰ ਮਿਹਨਤ ਕਰਕੇ ਸਫ਼ਲਤਾ ਪ੍ਰਾਪਤ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਫ਼ਾਈਨ ਆਰਟਸ ਵਿਭਾਗ ਦੇ ਪ੍ਰੋ. ਕਿਰਨਦੀਪ ਕੌਰ ਅਤੇ ਪ੍ਰੋ. ਬਨਿੰਦਰ ਕੌਰ ਅਤੇ ਪੱਤਰਕਾਰੀ ਵਿਭਾਗ ਦੇ ਪ੍ਰੋ. ਭਗਵੰਤ ਸਿੰਘ, ਪ੍ਰੋ. ਹਰਪ੍ਰੀਤ ਕੌਰ ਪਬਰੀ, ਪ੍ਰੋ. ਲਵਨੀਤ ਵਸ਼ਿਸ਼ਠ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਨਾਦਿਸ਼ ਨੇ ਵੀ ਵਿਦਿਆਰਥੀਆਂ ਨੂੰ ਸਦਾ ਚੜ੍ਹਦੀਕਲਾ ਵਿੱਚ ਰਹਿਣ ਅਤੇ ਆਪਣੀ ਸੰਸਥਾ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।