ਸ੍ਰੀ ਫ਼ਤਹਿਗੜ੍ਹ ਸਾਹਿਬ/11 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਕੀਤੇ ਦੌਰੇ ਮੌਕੇ ਸਕੂਲ ਵਿੱਚ ਗਿਆਰਵੀਂ (ਕਮਰਸ) ਵਿੱਚ ਪੜ੍ਹਦੀ ਜਸਪ੍ਰੀਤ ਕੌਰ ਨੇ ਪੰਜਾਬੀ ਲੋਕ ਗੀਤ ਪੇਸ਼ ਕੀਤਾ। ਇਸ ਵਿਦਿਆਰਥਣ ਵੱਲੋਂ ਪੇਸ਼ ਕੀਤੇ ਗਏ ਲੋਕ ਗੀਤ ਤੋਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਕਾਫੀ ਪ੍ਰਭਾਵਿਤ ਹੋਏ। ਵਿਦਿਆਰਥਣ ਦੀ ਪ੍ਰਤਿਭਾ ਤੋਂ ਖੁਸ਼ ਹੋ ਕੇ ਸਿੱਖਿਆ ਮੰਤਰੀ ਉਸ ਦੀ ਹੌਸਲਾ ਅਫਜ਼ਾਈ ਲਈ ਉਸਦੇ ਘਰ ਤਲਾਣੀਆਂ ਤੱਕ ਛੱਡਣ ਗਏ ਅਤੇ ਵਿਦਿਆਰਥਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਫੈਸਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਡੀਆਂ ਮੱਲਾਂ ਮਾਰ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਇਸ ਸਕੂਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਵਿੱਚ ਪ੍ਰਤਿਭਾ ਦੀ ਘਾਟ ਨਹੀਂ ਹੈ ਬਸ ਉਹਨਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਦੀ ਲੋੜ ਹੈ ਅਤੇ ਇਹ ਵਿਦਿਆਰਥੀ ਭਵਿੱਖ ਵਿੱਚ ਉੱਚ ਅਹੁਦਿਆਂ ਤੇ ਬਿਰਾਜਮਾਨ ਹੋਣਗੇ। ਉਹਨਾਂ ਕਿਹਾ ਬਤੌਰ ਸਿੱਖਿਆ ਮੰਤਰੀ ਉਹਨਾਂ ਦੀ ਇਹ ਵੱਡੀ ਜ਼ਿੰਮੇਵਾਰੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਸਤੇ ਹਰ ਸਹੂਲਤ ਮੁਹੱਈਆ ਹੋ ਸਕੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨਾਲੋਂ ਵਧੀਆ ਭਵਿੱਖ ਬਣਾ ਸਕਣ। ਉਹਨਾਂ ਨੇ ਸਕੂਲ ਦੇ ਸਟਾਫ ਤੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਤਿੰਨ ਮਹੀਨਿਆਂ ਦੌਰਾਨ ਇਸ ਸਕੂਲ ਇੱਕ ਨਮੂਨੇ ਦੇ ਸਕੂਲ ਵਜੋਂ ਉਭਰ ਕੇ ਸਾਹਮਣੇ ਆਵੇਗਾ ਅਤੇ ਵਿਦਿਆਰਥੀਆਂ ਨੂੰ ਇਸ ਸਕੂਲ ਅੰਦਰ ਸਾਰੀਆਂ ਆਧੁਨਿਕ ਸਹੂਲਤਾਂ ਮੁਹਈਆ ਹੋਣਗੀਆਂ।