ਸ੍ਰੀ ਫ਼ਤਹਿਗੜ੍ਹ ਸਾਹਿਬ/11 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਦੇ ਮੰਤਵ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਖੇ ਗੱਲਬਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰ ਕੇ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਨੁਸਾਰ ਸਾਡੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਅਤੇ ਮਜ਼ਬੂਤ ਕਰਨ ਲਈ ਅਗਵਾਈ ਅਤੇ ਪ੍ਰਬੰਧਕੀ ਹੁਨਰਾਂ ਨਾਲ ਲੈਸ ਕਰਨ ਲਈ ਸਿੰਗਾਪੁਰ, ਆਈਆਈਐਮ ਅਹਿਮਦਾਬਾਦ ਅਤੇ ਹੁਣ ਫਿਨਲੈਂਡ ਤੋਂ ਸਿਖਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਧਿਕਾਰਤ ਤੌਰ ਉੱਤੇ ਫ਼ਿਨਲੈਂਡ ਦੀ ਸਰਕਾਰ ਨਾਲ ਸਿੱਖਿਆ ਟ੍ਰੇਨਿੰਗ ਸਮਝੌਤਾ ਕੀਤਾ ਗਿਆ ਹੈ ਤੇ ਅਜਿਹਾ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਿੱਖਿਆ ਅਤੇ ਸਿਹਤ ਲੋਕ ਮੁੱਦੇ ਵਜੋਂ ਉਭਰੇ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ 1000 ਤੋਂ ਵੱਧ ਸਕੂਲਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਜ਼ਿਆਦਾਤਰ ਅਧਿਆਪਕ ਆਪਣੇ ਕੰਮ ਨੂੰ ਸਮਰਪਿਤ ਹਨ। ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਸਿੱਖਿਆ ਵਿਭਾਗ ਨੂੰ ਹੋਰ ਬਿਹਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਅਤੇ ਹੋਰ ਅਪਗ੍ਰੇਡੇਸ਼ਨ ਲਈ ਕੁੱਲ 20,000 ਸਕੂਲਾਂ ਦਾ ਸਰਵੇ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਭਗ 8000 ਸਕੂਲਾਂ ਨੂੰ 1400 ਕਿਲੋਮੀਟਰ ਚਾਰ ਦੀਵਾਰੀ ਮਿਲ ਚੁੱਕੀ ਹੈ ਜਦਕਿ 10,000 ਕਲਾਸਰੂਮਾਂ ਦੀ ਉਸਾਰੀ/ਮੁਰੰਮਤ ਅਤੇ ਨਵੀਨੀਕਰਣ ਦਾ ਕੰਮ ਕੀਤਾ ਗਿਆ ਹੈ। ਇਸੇ ਤਰ੍ਹਾਂ 90 ਫੀਸਦੀ ਤੋਂ ਵੱਧ ਸਕੂਲਾਂ ਵਿਚ ਵਾਈਫਾਈ ਦੀ ਸਹੁਲਤ ਦਿੱਤੀ ਗਈ ਹੈ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਹਲਕਿਆਂ ਵਿੱਚ ਕਰੋੜਾਂ ਰੁਪਏ ਸਿੱਖਿਆ 'ਤੇ ਖਰਚ ਕੀਤੇ ਹਨ, ਜਿਸ ਨਾਲ ਸਿੱਖਿਆ ਢਾਂਚੇ ਵਿੱਚ ਵੱਡੇ ਸੁਧਾਰ ਹੋਏ ਹਨ। ਫਿਨਲੈਂਡ ਤੋਂ ਸਿਖਲਾਈ ਲੈਕੇ ਪਰਤੇ ਅਧਿਆਪਕਾਂ ਨੇ ਆਪਣੇ ਤਜਰਬੇ ਦੱਸਦਿਆਂ ਕਿਹਾ ਕਿ ਇਸ ਸਿਖਲਾਈ ਲਈ ਅਧਿਆਪਕਾਂ ਦੀ ਚੋਣ ਦਾ ਤਰੀਕਾ ਬਹੁਤ ਪਾਰਦਰਸ਼ੀ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿਚ ਸੂਚਨਾ ਤੇ ਤਕਨਾਲੋਜੀ ਦੇ ਖੇਤਰ ਵਿੱਚ ਬਹੁਤ ਕੰਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਨਾਲ ਉਨ੍ਹਾਂ ਵੱਲੋਂ ਕੀਤੇ ਜਾਂਦੇ ਅਧਿਆਪਨ ਦੇ ਤੌਰ ਤਰੀਕਿਆਂ ਵਿੱਚ ਵੱਡੇ ਪੱਧਰ ਤੇ ਤਬਦੀਲੀ ਆਈ ਹੈ, ਜਿਨ੍ਹਾਂ ਦਾ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ।