ਸ੍ਰੀ ਫ਼ਤਹਿਗੜ੍ਹ ਸਾਹਿਬ/ 11 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਉਪ ਚੋਣਾਂ ਸਬੰਧੀ ਕੀਤੇ ਐਲਾਨ ਅਨੁਸਾਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਪੈਂਦੀ ਨਗਰ ਕੌਂਸਲ ਅਮਲੋਹ ਦੇ 13 ਵਾਰਡਾਂ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 26 ਅਤੇ ਨਗਰ ਕੌਂਸਲ ਬਸੀ ਪਠਾਣਾਂ ਦੇ ਵਾਰਡ ਨੰਬਰ 06 ਦੀ ਉਪ ਚੋਣ ਲਈ ਲਈ 21 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਨਗਰ ਕੌਂਸਲ ਚੋਣਾਂ ਲਈ 12 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਚੋਣਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ 14 ਦਸੰਬਰ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 21 ਦਸੰਬਰ ਨੂੰ ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵੋਟਾਂ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ ਅਤੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨਾਂ 'ਤੇ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਐਲਾਨੇ ਜਾਣਗੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਬਸੀ ਪਠਾਣਾਂ ਨਗਰ ਕੌਂਸਲ ਦੇ ਵਾਰਡ ਨੰਬਰ 06 ਵਿੱਚ 1062 ਵੋਟਰ ਹਨ, ਜਿਨ੍ਹਾਂ ਵਿੱਚ 594 ਪੁਰਸ਼ ਵੋਟਰ ਤੇ 468 ਮਹਿਲਾ ਵੋਟਰ ਹਨ। ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 26 ਵਿੱਚ 1768 ਵੋਟਰ ਹਨ, ਜਿਨ੍ਹਾਂ ਵਿੱਚ 950 ਪੁਰਸ਼ ਵੋਟਰ ਅਤੇ 828 ਮਹਿਲਾ ਵੋਟਰ ਹਨ। ਅਮਲੋਹ ਦੇ 13 ਵਾਰਡਾਂ ਵਿੱਚ 11 ਹਜ਼ਾਰ 334 ਵੋਟਰ ਹਨ, ਜਿਨ੍ਹਾਂ ਵਿੱਚ 6094 ਪੁਰਸ਼ ਵੋਟਰ, 5239 ਮਹਿਲਾ ਵੋਟਰ ਅਤੇ ਤੀਜੇ ਲਿੰਗ ਦਾ ਇੱਕ ਵੋਟਰ ਹੈ।ਡਿਪਟੀ ਕਮਿਸ਼ਨਰ ਨੇ ਸਬੰਧਤ ਐਸ.ਡੀ.ਐਮਜ਼. ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਇਲਾਕਿਆਂ ਵਿੱਚ ਪੈਂਦੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਜਾਵੇ ਅਤੇ ਪੋਲਿੰਗ ਬੂਥਾਂ ਵਿੱਚ ਜੇਕਰ ਕੋਈ ਕਮੀ ਹੋਵੇ ਤਾਂ ਉਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਆਪਣੇ ਦਫ਼ਤਰਾਂ ਵਿੱਚ ਸੂਚੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ 14 ਤੇ 17 ਦਸੰਬਰ ਨੂੰ ਚੋਣ ਅਮਲੇ ਦੀ ਹੋਣ ਵਾਲੀ ਰੀਹਰਸਲ ਸਮੇਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਬੀਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।