ਸ੍ਰੀ ਫ਼ਤਹਿਗੜ੍ਹ ਸਾਹਿਬ/13 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਤੇ ਹੋਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਆਮ ਖਾਸ ਬਾਗ, ਮਾਧੋਪੁਰ ਅੰਡਰ ਪਾਸ, ਵੱਖੋ-ਵੱਖ ਜਨਤਕ ਪਖਾਨਿਆਂ ਸਮੇਤ ਸ਼ਹੀਦੀ ਸਭਾ ਸਬੰਧੀ ਹੋਰਨਾਂ ਵੱਖੋ-ਵੱਖ ਥਾਵਾਂ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਡਾ. ਸੋਨਾ ਥਿੰਦ ਨੇ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਹਰੇਕ ਸਾਲ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਹੁੰਦੀ ਹੈ, ਜਿਸ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਮਨਾਹੀਂ ਹੁਕਮ ਵੀ ਲਾਗੂ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਗਤ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਇਹਨਾਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਡਾ. ਸੋਨਾ ਥਿੰਦ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਲੰਗਰ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਲੰਗਰਾਂ ਵਿੱਚ ਸਾਫ ਸਫਾਈ ਯਕੀਨੀ ਬਣਾਈ ਜਾਵੇ ਤੇ ਪਲਾਸਟਿਕ ਲਿਫਾਫਿਆਂ ਤੇ ਥਰਮੋਕੋਲ ਬਰਤਨਾਂ ਦੀ ਵਰਤੋਂ ਨਾ ਕੀਤੀ ਜਾਵੇ। । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸੰਗਤ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।