ਸ੍ਰੀ ਫ਼ਤਹਿਗੜ੍ਹ ਸਾਹਿਬ/18 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਦੀ ਦੇ ਮੌਸਮ ਲਈ ਲਗਭਗ 300 ਸਫਾਈ ਸੇਵਕਾਂ ਨੂੰ ਬੂਟ ਤੇ ਸਵੈਟਰ ਵੰਡਣ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੂੰ ਆਉਂਦੀਆਂ ਸਾਰੀਆਂ ਸੜਕਾਂ ਦੀ ਵਿਆਪਕ ਪੱਧਰ ਤੇ ਸਾਫ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਡਾ. ਸੋਨਾ ਥਿੰਦ ਨੇ ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਤੇ ਇਤਿਹਾਸਕ ਸ਼ਹਿਰ ਨੂੰ ਪਲਾਸਟਿਕ ਅਤੇ ਕੂੜਾ ਕਰਕਟ ਮੁਕਤ ਬਣਾਉਣ ਲਈ ਪਲਾਸਟਿਕ ਦੇ ਲਿਫਾਫਿਆਂ ਤੇ ਥਰਮੋਕੋਲ ਕਰੋਕਰੀ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਗਿੱਲਾ ਕੂੜਾ (ਫਲ, ਸਬਜ਼ੀਆਂ ਦੇ ਛਿਲਕੇ ਤੇ ਬਚਿਆ ਹੋਇਆ ਖਾਣਾ) ਵੱਖ-ਵੱਖ ਡਰੰਮ ਵਿੱਚ ਰੱਖਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੁੱਕਾ ਕੂੜਾ (ਪਲਾਸਟਿਕ ਪੈਕਜਿੰਗ/ਬੋਤਲ ਆਦਿ) ਅਲੱਗ ਬੋਰੇ ਵਿੱਚ ਰੱਖਿਆ ਜਾਵੇ ਅਤੇ ਕੂੜੇ ਨੂੰ ਅੱਗ ਨਾ ਲਗਾਈ ਜਾਵੇ । ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ ਤੇ ਸੁੱਕਾ ਤੇ ਗਿੱਲਾ ਕੂੜਾ ਨਗਰ ਕੌਂਸਲ ਵੱਲੋਂ ਕੂੜਾ ਚੁਕਣ ਲਈ ਲਗਾਏ ਗਏ ਵਾਹਨਾਂ ਨੂੰ ਹੀ ਦਿੱਤੇ ਜਾਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਫਾਈ ਸੇਵਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨੇਪਰੇ ਚਾੜੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਸਫਾਈ ਸੇਵਕਾਂ ਲਈ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਤੋਂ ਇਲਾਵਾ ਸਫਾਈ ਸੇਵਕ ਹਾਜਰ ਸਨ।