ਸ੍ਰੀ ਫ਼ਤਹਿਗੜ੍ਹ ਸਾਹਿਬ/19 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਬਾਰੇ ਕੀਤੀ ਗਈ ਟਿੱਪਣੀ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਮਿਤ ਸ਼ਾਹ ਨੂੰ ਗ੍ਰਹਿ ਮੰਤਰਾਲੇ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਨੀਵਾਂ ਦਿਖਾਉਣ ਦੇ ਲਈ ਹੀ ਇਹ ਸ਼ਬਦਾਵਲੀ ਵਰਤੀ ਗਈ ਹੈ, ਜਿਸ ਨੂੰ ਭਾਰਤੀ ਲੋਕ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਬਾਬਾ ਸਾਹਿਬ ਸਾਡੇ ਮਸੀਹਾ ਹਨ, ਜਿਨਾਂ ਨੇ ਗਰੀਬ ਦਬੇ ਹੋਏ ਲੋਕਾਂ ਨੂੰ ਉੱਚਾ ਚੁੱਕਣ ਦੇ ਲਈ ਸੰਘਰਸ਼ ਕੀਤਾ। ਉਨਾਂ ਦੇ ਸੰਘਰਸ਼ ਸਦਕਾ ਹੀ ਦਲਿਤ ਸਮਾਜ ਜਾਗਰੂਕ ਹੋਇਆ ਹੈ, ਅਨੁਸੂਚਿਤ ਜਾਤੀ ਭਾਈਚਾਰਾ ਉਨਾਂ ਨੂੰ ਆਪਣਾ ਰਹਿਬਰ ਮੰਨਦਾ ਹੈ। ਆਮ ਆਦਮੀ ਪਾਰਟੀ ਉਨਾਂ ਦਾ ਬਹੁਤ ਸਤਿਕਾਰ ਕਰਦੀ ਹੈ। ਪੰਜਾਬ ਅੰਦਰ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਆਮ ਆਦਮੀ ਪਾਰਟੀ ਵੱਲੋਂ ਸਾਰੇ ਸਰਕਾਰੀ ਦਫਤਰਾਂ ਦੇ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਫੋਟੋ ਲਗਵਾਈ ਗਈ, ਤਾਂ ਜੋ ਉਨਾਂ ਦੇ ਸਤਿਕਾਰ ਨੂੰ ਹੋਰ ਵਧਾਇਆ ਜਾ ਸਕੇ। ਪਰੰਤੂ ਅਫਸੋਸ ਦੀ ਗੱਲ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਲਤੀ ਉੱਤੇ ਪਰਦਾ ਪਾ ਰਹੇ ਹਨ। ਸਾਡੇ ਪ੍ਰਧਾਨ ਮੰਤਰੀ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਕਾਂਗਰਸ ਵੀ ਡਾ. ਭੀਮ ਰਾਓ ਅੰਬੇਡਕਰ ਜੀ ਦਾ ਨਿਰਾਦਰ ਕਰਦੀ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਨੇ ਅਜਿਹਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਵੀ ਅਜਿਹਾ ਹੀ ਕਰੇਗੀ ? ਉਹਨਾਂ ਕਿਹਾ ਕਿ ਅਸੀਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਨਿਰਾਦਰ ਬਰਦਾਸ਼ਤ ਨਹੀਂ ਕਰਾਂਗੇ। ਜਿਹੜਾ ਅਨੁਸੂਚਿਤ ਜਾਤੀ ਭਾਈਚਾਰਾ ਭਾਰਤੀ ਜਨਤਾ ਪਾਰਟੀ ਦੇ ਵਿੱਚ ਕੰਮ ਕਰਦਾ ਹੈ, ਉਹਨਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਭਾਰਤੀ ਜਨਤਾ ਪਾਰਟੀ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਨਹੀਂ ਕਰਦੀ। ਜਿਸ ਦਾ ਅੰਦਾਜ਼ਾ ਸਹਿਜੇ ਹੀ ਅਮਿਤ ਸ਼ਾਹ ਦੇ ਬਿਆਨ ਤੋਂ ਲਗਾਇਆ ਜਾ ਸਕਦਾ ਹੈ।