ਸ੍ਰੀ ਫ਼ਤਹਿਗੜ੍ਹ ਸਾਹਿਬ/20 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਭੇਜੀਆਂ ਗਈਆਂ ਮਸ਼ੀਨਾਂ ਨਾਲ ਸਫਾਈ ਦੀ ਮੁਹਿੰਮ ਸ਼ੁਰੂ ਕਰਵਾਈ ਹੈ।ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਦੀ ਮਹਾਨ ਗਾਥਾ ਜਿਸ ਨੂੰ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਜੋਂ ਵੀ ਯਾਦ ਕੀਤਾ ਜਾਂਦਾ ਹੈ ਸਾਡੇ ਲਈ ਗੌਰਵ ਦੀ ਪ੍ਰਤੀਕ ਹੈ। ਜਿਸ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਨੇ 07 ਤੇ 09 ਸਾਲ ਦੀ ਉਮਰ ਵਿੱਚ ਮਨੁੱਖਤਾ ਦੀ ਰਾਖੀ ਲਈ ਸ਼ਹਾਦਤ ਦਿੱਤੀ ਉਸ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਸਫਾਈ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਪਿੰਡਾਂ ਦੀ ਸਫਾਈ ਦਾ ਕੰਮ ਵੱਡੀ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਆਲਾ ਦੁਆਲਾ ਹੋਰ ਵੀ ਨਿੱਖਰ ਕੇ ਸਾਹਮਣੇ ਆ ਰਿਹਾ ਹੈ। ਹੁਣ ਸ਼ਹਿਰਾਂ ਦੀ ਸਫਾਈ ਤੋਂ ਬਾਅਦ ਸ਼ਰਧਾਲੂਆਂ ਨੂੰ ਸਾਫ ਸੁਥਰਾ ਤੇ ਸਵੱਛ ਵਾਤਾਵਰਣ ਵੇਖਣ ਨੂੰ ਮਿਲੇਗਾ। ਉਨ੍ਹਾਂ ਸੰਤ ਭੂਰੀ ਵਾਲਿਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਇਸ ਮੌਕੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਆਰਜੀ ਪਖਾਨੇ ਤਿਆਰ ਹਨ ਜੋ ਕਿ ਜਲਦੀ ਹੀ ਢੁਕਵੇਂ ਸਥਾਨਾਂ ਤੇ ਫਿੱਟ ਕਰ ਦਿੱਤੇ ਜਾਣਗੇ ਇਸ ਤੋਂ ਇਲਾਵਾ ਪੀਣ ਵਾਲੇ ਸਾਫ ਸੁਥਰੇ ਪਾਣੀ ਦੇ ਕੁਨੈਕਸ਼ਨ ਵੀ ਲੰਗਰਾਂ ਵਿੱਚ ਦਿੱਤੇ ਜਾ ਰਹੇ ਹਨ ਤਾਂ ਜ਼ੋ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸੁਚਾਰੂ ਆਵਾਜਾਈ ਲਈ ਸੜਕਾਂ ਤੋਂ 10 ਫੁੱਟ ਪਿੱਛੇ ਹੱਟ ਕੇ ਹੀ ਲੰਗਰ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੜਕਾਂ ਦੇ ਆਲੇ ਦੁਆਲੇ ਆਰਜੀ ਦੁਕਾਨਾਂ ਨਹੀਂ ਲਗਾਉਣ ਦਿੱਤੀਆਂ ਜਾਣਗੀਆਂ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕਾਂ ਕਿਨਾਰੇ ਕੀਤੇ ਗਏ ਨਜਾਇਜ਼ ਕਬਜਿਆ ਨੂੰ ਹਟਾਉਣ ਲਈ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਤੇ ਤਹਿਸੀਲਦਾਰ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਰੋਜ਼ਾਨਾਂ ਚੈਕਿੰਗ ਕਰ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ਤੇ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਵੱਲੋਂ ਸਫਾਈ ਲਈ ਮਸ਼ੀਨਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੁਨੀਆਂ ਦੇ ਇਸ ਮਹਾਨ ਦਿਹਾੜੇ ਨੂੰ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਦੇ ਹੋਏ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆ ਨੇ ਕਿਹਾ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ ਗਈ ਇਸ ਸਫਾਈ ਮੁਹਿੰਮ ਵਿੱਚ ਵਲੰਟੀਅਰਾਂ ਵੱਲੋਂ 24 ਘੰਟੇ ਡਿਊਟੀ ਨਿਭਾਈ ਜਾਵੇਗੀ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਹਲਕਾ ਵਿਧਾਇਕ ਵੱਲੋਂ ਜੋ ਵੀ ਸਹਿਯੋਗ ਮੰਗਿਆ ਜਾਵੇਗਾ ਉਸ ਨੂੰ ਪੂਰਾ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ,ਐਸ.ਡੀ.ਐਮ. ਅਰਵਿੰਦ ਗੁਪਤਾ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ. ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਵੱਡੀ ਗਿਣਤੀ ਵਿਚ ਹਾਜਰ ਸਨ।