ਚੰਡੀਗੜ੍ਹ, 24 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਸਾਰਿਤ ਕਰਨ ਦਾ ਮੌਕਾ ਨਾ ਦੇ ਕੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਆਲੋਚਨਾ ਕੀਤੀ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਸਵੈ-ਘੋਸ਼ਿਤ’ ਗਲੋਬਲ ਲੀਡਰ ਨਰਿੰਦਰ ਮੋਦੀ ‘ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖਲਅੰਦਾਜ਼ੀ ਤੋਂ ਜ਼ਿਆਦਾ ਚਿੰਤਤ ਹਨ ਪਰ ਪ੍ਰਧਾਨ ਮੰਤਰੀ ਦੇਸ਼ ਦੇ ਅਨਾਜ ਉਤਪਾਦਕਾਂ ਪ੍ਰਤੀ ਉਦਾਸੀਨ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ।
ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਦੀ ਬਜਾਏ ਅੰਤਰਰਾਸ਼ਟਰੀ ਮਾਮਲਿਆਂ ਵਿੱਚ ਦਖਲ ਦੇ ਕੇ ‘ਗਲੋਬਲ ਲੀਡਰ’ ਵਜੋਂ ਉਭਰਨ ਲਈ ਜ਼ਿਆਦਾ ਚਿੰਤਤ ਹਨ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯਾਦ ਦਿਵਾਇਆ ਕਿ ਜਦੋਂ ਦੇਸ਼ ਅਨਾਜ ਉਤਪਾਦਨ ਵਿੱਚ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਸੂਬੇ ਦੇ ਮਿਹਨਤੀ ਅਤੇ ਲਚਕੀਲੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਸੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅੰਨ ਭੰਡਾਰ ਨੂੰ ਭਰਨ ਲਈ ਉਪਜਾਊ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਉਪਲਬਧ ਕੁਦਰਤੀ ਸਰੋਤਾਂ ਦੀ ਵੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ।