ਸ੍ਰੀ ਫ਼ਤਹਿਗੜ੍ਹ ਸਾਹਿਬ/3 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
ਕੜਾਕੇ ਦੀ ਪੈ ਰਹੀ ਸਰਦੀ ਨੁੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ, ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਅਡਵਾਈਜਰੀ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਵੀ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ।ਉਹਨਾਂ ਕਿਹਾ ਕਿ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ । ਉਹਨਾਂ ਕਿਹਾ ਕਿ ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਜੁਕਾਮ, ਖਾਂਸੀ , ਠੰਡ ਨਾਲ ਬੁਖਾਰ ਜਾਂ ਨਿਮੋਨੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ।ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਤਿੰਨ ਲੇਅਰਾਂ ਵਿੱਚ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿੱਚ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ, ਗਰਮ ਜਾਂ ਗੁਨਗੁਨਾ ਪਾਣੀ ਪੀਤਾ ਜਾਵੇ ।ਉਹਨਾਂ ਕਿਹਾ ਕਿ ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜਰਅੰਦਾਜ ਨਾ ਕੀਤਾ ਜਾਵੇ, ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਰਣਦੀਪ ਸਿੰਘ ਤੋਂ ਇਲਾਵਾ ਹੋਰ ਸਿਹਤ ਕਰਮਚਾਰੀ ਵੀ ਹਾਜ਼ਰ ਸਨ।