ਸ੍ਰੀ ਫ਼ਤਹਿਗੜ੍ਹ ਸਾਹਿਬ/1 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ ਨੇ ਪੰਜਾਬੀ ਮਾਂ ਬੋਲੀ ਪੰਦਰਵਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ, ਜਿਸ ਵਿੱਚ ਪੰਜਾਬੀ ਭਾਸ਼ਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ।ਸਮਾਗਮ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਪੜ੍ਹਨ ਅਤੇ ਮੁਲਾਂਕਣ ਪ੍ਰੋਗਰਾਮ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ।ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਪੈਦਾ ਕਰਨਾ ਸੀ।ਇਸ ਦੌਰਾਨ ਵੱਖ-ਵੱਖ ਜਮਾਤਾਂ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਮਾਤ ਪਹਿਲੀ ਤੋਂ ਚੌਥੀ ਲਈ ਕਵਿਤਾ ਪਾਠ, ਜਮਾਤ 5ਵੀਂ ਅਤੇ 6ਵੀਂ ਲਈ ਸਲੋਗਨ ਲੇਖਣ, ਜਮਾਤ 7ਵੀਂ ਅਤੇ 8ਵੀਂ ਲਈ ਕੁਇਜ਼ ਮੁਕਾਬਲੇ, 9ਵੀਂ ਜਮਾਤ ਲਈ ਭਾਸ਼ਣ ਮੁਕਾਬਲੇ, ਅਤੇ 11ਵੀਂ ਜਮਾਤ ਲਈ ਲੇਖ ਲਿਖਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ।ਚੇਅਰਮੈਨ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਵਿੱਚ ਭਾਸ਼ਾਈ ਮਾਣ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਤ ਕਰਨ, ਪੰਜਾਬੀ ਭਾਸ਼ਾ ਦੀ ਸੰਭਾਲ ਅਤੇ ਪ੍ਰਫੁੱਲਤ ਕਰਨ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਦਾ ਹਿੱਸਾ ਹੈ ਜਿਸ ਵਿੱਚ ਅਸੀਂ ਕਾਫ਼ੀ ਹੱਦ ਤੱਕ ਸਫ਼ਲ ਵੀ ਹੋਏ ਹਾਂ।