ਸ੍ਰੀ ਫ਼ਤਹਿਗੜ੍ਹ ਸਾਹਿਬ/1 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਦੇ ਲਈ ਬਿਲਕੁਲ ਵੀ ਫਾਇਦੇਮੰਦ ਨਹੀਂ ਹੈ, ਇੰਜ ਜਾਪਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਗਿਆ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਸਰਕਾਰ ਪਿਛਲੇ 11 ਸਾਲਾਂ ਤੋਂ ਕੇਂਦਰ ਦੀ ਸੱਤਾ 'ਤੇ ਕਾਬਜ਼ ਹੈ। ਇਨਾ ਲੰਮਾ ਸਮਾਂ ਬੀਤਣ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਦੇ ਰੁਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜੋ ਬਜਟ ਪੇਸ਼ ਕੀਤਾ ਗਿਆ ਹੈ ਉਸ ਵਿੱਚ ਨੌਜਵਾਨ ਵਰਗ ਜਾਂ ਕਿਸਾਨ ਵਰਗ ਦੇ ਲਈ ਕੁਝ ਵੀ ਨਹੀਂ ਹੈ। ਇਥੋਂ ਤੱਕ ਕਿ ਫ਼ਸਲਾਂ ਦੀ ਐਮਐਸਪੀ ਦੇ ਅਹਿਮ ਮੁੱਦੇ ਨੂੰ ਵੀ ਬਜਟ ਤੋਂ ਦੂਰ ਰੱਖਿਆ ਗਿਆ ਹੈ, ਜਦੋਂ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਸੜਕਾਂ ਤੇ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਚੁਣੀਆ ਜਾਂਦੀਆਂ ਹਨ, ਪ੍ਰੰਤੂ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਅਜਿਹੀ ਹੈ ਜੋ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਬਜਾਏ ਸਰਮਾਏਦਾਰ ਵਰਗ ਨੂੰ ਹੋਰ ਖੁਸ਼ਹਾਲ ਕਰਨ ਲਈ ਕੰਮ ਕਰ ਰਹੀ ਹੈ।