ਸ੍ਰੀ ਫ਼ਤਹਿਗੜ੍ਹ ਸਾਹਿਬ/18 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਬਾ ਪੱਧਰੀ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਸਿਹਤ ਕੇਂਦਰਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ । ਉਹਨਾਂ ਹਦਾਇਤ ਕਰਦਿਆਂ ਕਿਹਾ ਕਿਹਾ ਕਿ ਸਰਕਾਰ ਨਾਲ ਹੋਈ ਵਰਚੁਅਲ ਮੀਟਿੰਗ ਅਤੇ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ ਮਿਲੀਆਂ ਸਖਤ ਹਦਾਇਤਾਂ ਅਨੁਸਾਰ ਕਿਸੇ ਵੀ ਮਰੀਜ਼ ਨੂੰ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਉਸਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਵਿੱਚੋਂ ਹੀ ਮੁਫਤ ਉਪਲਬਧ ਕਰਵਾਈਆਂ ਜਾਣ ਅਤੇ ਮਰੀਜ਼ਾਂ ਦੇ ਲੋੜੀਦੇ ਸਾਰੇ ਲਬਾਰਟਰੀ ਟੈਸਟ ਵੀ ਹਸਪਤਾਲਾਂ ਦੇ ਅੰਦਰੋਂ ਹੀ ਕਰਨੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਨੇ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਲਈ ਬੈਠਣ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ ਅਤੇ ਉਹਨਾਂ ਲਈ ਸਾਫ ਸੁਥਰੇ ਪੀਣ ਵਾਲੇ ਪਾਣੀ ਦੀ ਸਹੂਲਤ ਵੀ ਉਪਲੱਬਧ ਕਰਵਾਈ ਜਾਵੇ । ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਬਿਜਲੀ ਦੀ ਬੈਕ-ਅਪ/ ਇਨਵਰਟਰ ਖਾਸ ਕਰਕੇ ਐਮਰਜੈਂਸੀ, ਲੇਬਰ ਰੂਮ, ਆਪਰੇਸ਼ਨ ਥੀਏਟਰ ਅਤੇ ਹੋਰ ਲੋੜੀਦੀਆਂ ਥਾਵਾਂ ਤੇ 24 ਘੰਟੇ ਹੋਣੀ ਯਕੀਨੀ ਬਣਾਈ ਜਾਵੇ। ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ਼ ਚੰਗਾ ਵਿਵਹਾਰ ਕੀਤਾ ਜਾਵੇ ਅਤੇ ਉਹਨਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾਵੇ । ਉਹਨਾਂ ਕਿਹਾ ਕਿ ਸੰਸਥਾ ਵਿੱਚ ਦਵਾਈ ਖਤਮ ਹੋਣ ਤੋਂ ਪਹਿਲਾਂ ਹੀ ਉਹ ਵੇਅਰ ਹਾਊਸ ਅਤੇ ਜ਼ਿਲਾ ਪੱਧਰ ਤੇ ਤਾਲਮੇਲ ਕਰਕੇ ਇਸ ਦਾ ਅਗਾਉਂ ਵਿੱਚ ਪ੍ਰਬੰਧ ਕਰਨਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸੂਬਾ ਅਤੇ ਜ਼ਿਲਾ ਪੱਧਰ ਤੇ ਸਟੋਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਇਸ ਕਰਕੇ ਹੇਠਲੇ ਪੱਧਰ ਤੇ ਵੀ ਉਚਿਤ ਮਾਤਰਾ ਵਿੱਚ ਦਵਾਈਆਂ ਦਾ ਸਟਾਕ ਰੱਖਣਾ ਯਕੀਨੀ ਬਣਾਇਆ ਜਾਵੇ ।ਉਹਨਾਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕਾਂ ਸਮੇਤ ਸਾਰੇ ਸਿਹਤ ਕੇਂਦਰਾਂ ਵਿੱਚ ਆਈਪੀਐਚਐਸ ਦੇ ਮਾਪਦੰਡ ਅਨੁਸਾਰ ਸਾਰੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ। ਉਹਨਾਂ ਸਮੂਹ ਸਿਹਤ ਸੰਸਥਾਵਾਂ ਦੀਆਂ ਮਹੀਨਾਵਾਰੀ ਰਿਪੋਰਟਾਂ ਤੁਰੰਤ ਜਿਲਾ ਪੱਧਰ ਤੇ ਭੇਜਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ,ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ,ਸੀਨੀਅਰ ਮੈਡੀਕਲ ਅਫਸਰ ਡਾ. ਕੇ.ਡੀ ਸਿੰਘ, ਡਾ. ਰਾਕੇਸ਼ ਬਾਲੀ, ਫਾਰਮੇਸੀ ਅਫਸਰ ਸੰਦੀਪ ਸਿੰਘ, ਡੀਪੀਐਮ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗਗਨ ਥੰਮਨ ਆਦਿ ਹਾਜਰ ਸਨ।