ਸ੍ਰੀ ਫ਼ਤਹਿਗੜ੍ਹ ਸਾਹਿਬ/7 ਮਾਰਚ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਫੈਸਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਬਲਾਕ ਦੇ ਪਿੰਡ ਹੁਸੈਨਪੁਰਾ ਵਿਖੇ ਨਵੇਂ ਬਣੇ ਆਂਗਨਵਾੜੀ ਕੇਂਦਰ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰ ਸਿੱਖਿਆ ਦਾ ਮੁੱਢ ਹੁੰਦੇ ਹਨ ਤੇ ਅਜਿਹੇ ਆਂਗਨਵਾੜੀ ਕੇਂਦਰ ਹਲਕੇ ਦੇ ਹੋਰਨਾ ਪਿੰਡਾਂ ਵਿੱਚ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਸਿਰਜਿਆ ਜਾ ਸਕੇ। ਵਿਧਾਇਕ ਰਾਏ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਮਾੜੇ ਕੰਮ ਨੂੰ ਛੱਡ ਦੇਵੋ ਨਹੀਂ ਤਾਂ ਸਰਕਾਰ ਕਿਸੇ ਕਿਸਮ ਦੀ ਕੋਈ ਰਿਆਇਤ ਨਹੀਂ ਕਰੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਬੀ.ਡੀ.ਪੀ.ਓ. ਸਰਹਿੰਦ ਦੀਪਸ਼ਿਖਾ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਲਬਾਗ ਸਿੰਘ, ਸਰਪੰਚ ਇੰਦਰਦੀਪ ਸਿੰਘ ਰੰਧਾਵਾ ਅਤੇ ਹਰਜੀਤ ਸਿੰਘ ਸਿੱਧੂਵਾਲ ਤੋਂ ਇਲਾਵਾ ਪਿੰਡ ਦੇ ਮੋਹਤਬਰ ਹਾਜਰ ਸਨ।