ਸੰਦੀਪ ਵਰਮਾ
ਮਾਲੇਰਕੋਟਲਾ/07 ਮਾਰਚ:
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਅਧੀਨ, ਮਾਲੇਰਕੋਟਲਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਥਾਨਕ ਸਬ-ਜੇਲ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਹੈ। ਚੈਕਿੰਗ ਦੌਰਾਨ ਡੀ.ਐਸ.ਪੀ. ਕੁਲਦੀਪ ਸਿੰਘ, ਸਤੀਸ਼ ਕੁਮਾਰ ਸਮੇਤ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਪੁਲਿਸ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਉਤੇ ਕਾਨੂੰਨੀ ਕਾਰਵਾਈ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਬ-ਜੇਲ ਦੀ ਤਲਾਸ਼ੀ ਦੌਰਾਨ 80 ਪੁਲਿਸ ਮੁਲਾਜਮਾਂ, 01 ਡੀ.ਐਸ.ਪੀ. ਅਤੇ 03 ਮੁੱਖ ਅਫਸਰਾਂ ਨੇ 05 ਬੈਰਕਾਂ, ਹਾਈ ਸਿਕਿਉਰਿਟੀ ਜ਼ੋਨ ਅਤੇ ਲੰਗਰ ਬੈਰਕ ਦੀ ਜਾਂਚ ਕੀਤੀ।ਚੈਕਿੰਗ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ। ਪੁਲਿਸ ਮੁਖੀ ਨੇ ਕਿਹਾ ਕਿ ਜੇਲਾਂ ਦੀ ਤਲਾਸ਼ੀ ਮੁਹਿੰਮ ਲਗਾਤਾਰ ਚਲਾਈ ਜਾਵੇਗੀ ਤਾਂ ਜੋ ਕਿਸੇ ਵੀ ਤਰੀਕੇ ਨਾਲ ਨਸ਼ਿਆਂ ਦੀ ਹਮਾਇਤ ਹੋਣ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।