ਸ੍ਰੀ ਫ਼ਤਹਿਗੜ੍ਹ ਸਾਹਿਬ/22 ਮਾਰਚ :
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮਿਸ਼ਨ ਡਾਇਰੈਕਟਰ ਅਮਿਤ ਤਲਵਾੜ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ ਜ਼ਿਲਾ ਹਸਪਤਾਲਾਂ , ਸਬ ਡਿਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਦਵਾਈਆਂ ਦੀ ਵੰਡ ਨੂੰ ਬਾਰਕੋਡ ਸਿਸਟਮ ਸਮੇਤ ਆਨਲਾਈਨ ਕਰਨ ਦੇ ਪ੍ਰਬੰਧਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੂਅਲ ਮੀਟਿੰਗ ਕਰਕੇ ਸੂਬਾ ਪੱਧਰ ਤੋਂ ਮਿਲੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਕਿ ਸਰਕਾਰ ਵੱਲੋਂ 31 ਮਾਰਚ ਤੱਕ ਜ਼ਿਲਾ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ ਨੂੰ ਤਿੰਨ-ਤਿੰਨ ਕੰਪਿਊਟਰ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਨੂੰ ਦੋ-ਦੋ ਕੰਪਿਊਟਰ ਮੁਹੱਈਆ ਕਰਵਾਏ ਜਾਣਗੇ ਅਤੇ ਇਹਨਾਂ ਸਿਹਤ ਕੇਂਦਰਾਂ ਤੇ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਦਵਾਈਆਂ ਦੀ ਵੰਡ ਬਾਰ ਕੋਡਿੰਗ ਸਿਸਟਮ ਸਮੇਤ ਸਾਰਾ ਡਾਟਾ ਆਨਲਾਈਨ ਕੀਤਾ ਜਾਵੇਗਾ। ਇਸ ਕੰਮ ਸਬੰਧੀ ਜਿਲ੍ਹੇ ਦੇ ਸਾਰੇ ਫਾਰਮੇਸੀ ਅਫਸਰਾਂ ਅਤੇ ਕੰਪਿਊਟਰ ਆਪਰੇਟਰਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇਗੀ। ਉਹਨਾਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਸਮੇਂ ਦੌਰਾਨ ਇਹਨਾਂ ਸਿਹਤ ਕੇਂਦਰਾਂ ਵਿੱਚ ਇਸ ਸਿਸਟਮ ਨੂੰ ਚਲਾਉਣ ਲਈ ਕਮਰਾ/ ਥਾਂ ਨਿਸ਼ਚਿਤ ਕੀਤੀ ਜਾਵੇ ਅਤੇ ਉਸ ਥਾਂ ਤੇ ਨੈਟ ਦੀ ਉਪਲਬਧਤਾ ,ਬਿਜਲੀ ਦਾ ਪ੍ਰਬੰਧ, ਮੇਜ, ਕੁਰਸੀਆਂ, ਅਲਮਾਰੀਆਂ, ਸ਼ੀਸ਼ਾ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ, ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਫਾਰਮੇਸੀ ਅਫਸਰ ਸੰਦੀਪ ਸਿੰਘ ਅਤੇ ਗਗਨ ਥੰਮਣ ਵੀ ਹਾਜ਼ਰ ਸਨ।