ਸ੍ਰੀ ਫ਼ਤਹਿਗੜ੍ਹ ਸਾਹਿਬ/26 ਮਾਰਚ :
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਦੇ ਲਗਭਗ 50 ਵਿਦਿਆਰਥੀਆਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਵਿਖੇ ਚੱਲ ਰਹੇ ਬਜਟ ਸੈਸ਼ਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਜਿੱਥੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੁੰਦੇ ਹਨ ਉਥੇ ਨਾਲ ਹੀ ਉਨ੍ਹਾਂ ਨੂੰ ਦੇਸ਼ ਅਤੇ ਰਾਜ ਦੀ ਕਾਰਜ ਸ਼ੈਲੀ ਸਮਝਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਚੱਲ ਰਿਹਾ ਹੈ, ਇਸ ਲਈ ਵਿਦਿਆਰਥੀਆਂ ਨੂੰ ਇਹ ਦੌਰਾ ਭਾਰਤੀ ਸੰਸਦ ਦੀ ਲੋਕਤੰਤਰੀ ਪ੍ਰਣਾਲੀ ਦੀ ਕਾਰਜ ਸ਼ੈਲੀ ਦੇ ਵਿਹਾਰਕ ਪੱਖ ਨੂੰ ਸਮਝਾਉਣ ਲਈ ਕਰਵਾਇਆ ਗਿਆ। ਇਸ ਮੌਕੇ ਬਜਟ ਸੈਸ਼ਨ ਦੇਖਣ ਵਾਲੇ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਵਿਧਾਇਕਾਂ ਨੂੰ ਵੱਖ ਵੱਖ ਮੁੱਦਿਆਂ 'ਤੇ ਬਹਿਸ ਕਰਦੇ ਦੇਖਿਆ ਅਤੇ ਸੁਣਿਆ ਜੋ ਬਹੁਤ ਹੀ ਰੋਚਕ ਅਤੇ ਗਿਆਨ ਭਰਪੂਰ ਸੀ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਸ਼ਵੇਤਾ ਸਹਿਗਲ, ਪ੍ਰੋ. ਗਗਨਦੀਪ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।