ਗਿੱਦੜਬਾਹਾ, 29 ਮਾਰਚ (ਸ਼ਿਵਰਾਜ ਸਿੰਘ ਰਾਜੂ) -
ਰਾਜ ਵਿੱਚੋ ਨਸ਼ਿਆਂ ਦੇ ਪੂਰਨ ਤੌਰ ਤੇ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅੱਜ ਐੱਸ.ਪੀ. (ਐੱਚ.) ਕੰਵਲਪ੍ਰੀਤ ਸਿੰਘ ਚਾਹਲ ਅਤੇ ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਦੀ ਅਗਵਾਈ ਹੇਠ ਪੁਲਿਸ ਵੱਲੋਂ ਗਿੱਦੜਬਾਹਾ ਇਲਾਕੇ ਵਿਚ ਵੱਖ ਵੱਖ ਥਾਵਾਂ ਤੇ ਨਸ਼ਿਆਂ ਵਿਰੁੱਧ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਥਾਣਾ ਗਿੱਦੜਬਾਹਾ ਦੀ ਐੱਸ.ਐੱਚ.ਓ. ਮੈਡਮ ਦੀਪਿਕਾ ਰਾਣੀ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਪੀ. (ਐੱਚ.) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਇਸ ਸਰਚ ਅਭਿਆਨ ਤਹਿਤ ਅੱਜ ਮੁੱਹਲਾ ਬੈਂਟਾਬਾਦ, ਵਾਲਮੀਕਿ ਮੁਹੱਲਾ, ਭਾਰੂ ਚੌਂਕ, ਲੂਲਬਾਈ ਰੋਡ ਆਦਿ ਇਲਾਕਿਆਂ ਵਿਚ ਨਸ਼ਾ ਵੇਚਣ ਵਾਲਿਆਂ ਅਤੇ ਇਸਦਾ ਕਾਰੋਬਾਰ ਕਰਨ ਵਾਲਿਆਂ ਦੀ ਸਰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਤੇ ਕਾਫੀ ਠੱਲ ਪਈ ਹੈ ਅਤੇ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਪੁਲਿਸ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਡੀ.ਅਡੀਕਸ਼ਨ ਸੈਂਟਰਾਂ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਨਸ਼ਿਆਂ ਦਾ ਤਿਆਗ ਕਰਕੇ ਇਕ ਖੁਸ਼ਹਾਲ ਜੀਵਨ ਜੀਅ ਸਕਣ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ੇ ਸਬੰਧੀ ਕੋਈ ਵੀ ਸੂਚਨਾ ਹੈ ਤਾਂ ਉਹ ਇਸ ਦੀ ਜਾਣਕਾਰੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦੇਣ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।।