ਸ੍ਰੀ ਫ਼ਤਹਿਗੜ੍ਹ ਸਾਹਿਬ/5 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਹਿੱਤੂ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ 16 ਮਹੀਨਿਆਂ ਬਾਅਦ ਮੁੱਖ ਮੰਤਰੀ ਤੀਰਥ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਕੀਮ ਅਧੀਨ ਸੂਬੇ ਦੇ 50 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਵਿੱਚ ਦਰਸ਼ਨ ਕਰਵਾਏ ਜਾਣਗੇ। ਇਹ ਜਾਣਕਾਰੀ ਵਿਧਾਇਕ ਲਖਬੀਰ ਸਿੰਘ ਰਾਏ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਦਾ ਸੂਬੇ ਦੇ ਵੱਡੀ ਗਿਣਤੀ ਬਜੁਰਗਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਫਰਵਰੀ 2024 ਵਿੱਚ ਲੋਕ ਸਭਾ ਚੋਣਾਂ ਲਈ ਲੱਗੇ ਆਦਰਸ਼ ਚੋਣ ਜਾਬਤੇ ਕਾਰਨ ਇਸ ਸਕੀਮ ਨੂੰ ਰੋਕ ਦਿੱਤਾ ਗਿਆ ਸੀ।ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਨ੍ਹਾਂ ਵਿਅਕਤੀਆਂ ਨੂੰ ਵਧੇਰੇ ਲਾਭ ਪਹੁੰਚੇਗਾ ਜੋ ਕਿ ਆਰਥਿਕ ਤੰਗੀ ਕਾਰਨ ਤੀਰਥ ਯਾਤਰਾ ਕਰਨ ਤੋਂ ਅਸਮਰਥ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਬਜ਼ੁਰਗ ਨਾਗਰਿਕਾਂ ਨੂੰ ਏ.ਸੀ. ਬੱਸਾਂ ਤੇ ਏ.ਸੀ. ਰੇਲਾਂ ਰਾਹੀਂ ਦਰਸ਼ਨ ਕਰਵਾਏ ਜਾਣਗੇ। ਵਿਧਾਇਕ ਰਾਏ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਜਿਥੇ 50 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ ਮੁਫਤ ਤੀਰਥ ਦਰਸ਼ਨ ਕਰਵਾਏ ਜਾਣਗੇ ਉਥੇ ਹੀ ਯਾਤਰੀਆਂ ਨੂੰ ਰਿਹਾਇਸ਼ ਤੇ ਖਾਣੇ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਬਜੁਰਗਾਂ ਨੂੰ ਤੀਰਥ ਦਰਸ਼ਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਬਜੁਰਗਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ,ਅੰਮ੍ਰਿਤਸਰ, ਦੁਰਗਿਆਣਾ ਮੰਦਰ, ਅਯੋਧਿਆ ਉਤਰ ਪ੍ਰਦੇਸ਼ ਦੇ ਰਾਮ ਮੰਦਿਰ ਸਮੇਤ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।