ਸ੍ਰੀ ਫ਼ਤਹਿਗੜ੍ਹ ਸਾਹਿਬ/11 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਲਿਬੜਾ ਨੇ ਬੱਚਤ ਭਵਨ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਬਿਆਨ ਦੇਣ ਵਾਲੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।ਵਿਧਾਇਕ ਸਾਹਿਬਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਮਹਾਨ ਸਖ਼ਸੀਅਤ ਹੋਏ ਹਨ। ਉਹ ਇੱਕ ਪ੍ਰਸਿੱਧ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਡਾਕਟਰ ਅੰਬੇਡਕਰ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਬਿਆਨ ਆਉਣਾ ਬਹੁਤ ਹੀ ਸ਼ਰਮਨਾਕ ਹੈ।