ਚੰਡੀਗੜ੍ਹ/14 ਅਪ੍ਰੈਲ:
ਵਿਸਾਖੀ ਦੇ ਸ਼ੁਭ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਵੱਲੋਂ ਨੌਜਵਾਨ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਸੈਕਟਰ 8,ਚੰਡੀਗੜ੍ਹ ਵਿਖੇ ਦਸਤਾਰਾਂ ਭੇਟ ਕੀਤੀਆਂ ਗਈਆਂ।ਇਸ ਮੌਕੇ ਪਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ ਅਤੇ ਦੇਸ਼ ਭਗਤ ਰੇਡੀਓ ਸੰਸਥਾਂਵਾਂ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਤਤਪਰ ਰਹਿੰਦੀਆਂ ਹਨ ਤੇ ਉਨ੍ਹਾਂ ਦੀ ਕੋਸ਼ਿਸ਼ ਰਹਿੰਦੀ ਹੈ ਕਿ ਉਨ੍ਹਾਂ ਵੱਲੋਂ ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਹਰ ਸਾਲ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਅਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਜਿਸ ਵਿੱਚ ਉਨ੍ਹਾਂ ਵੱਲੋਂ ਭਰਪੂਰ ਯੋਗਦਾਨ ਪਾਇਆ ਜਾਂਦਾ ਹੈ। ਇਸ ਮੌਕੇ ਟਰਾਈਸਿਟੀ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਸੱਤ ਤੋਂ ਸਤਾਰਾਂ ਸਾਲ ਵਰਗ ਦੇ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਡਾ ਤਜਿੰਦਰ ਕੌਰ ਵੱਲੋਂ ਮੁਕਾਬਲਾ ਜਿੱਤਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਵੀ ਦਿੱਤੇ ਗਏ। ਤੇ 51 ਬੱਚਿਆਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਹਿਲ ਨੇ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।