ਚੰਡੀਗੜ੍ਹ, 17 ਅਪ੍ਰੈਲ
ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ 'ਆਪ' ਆਗੂਆਂ ਨੂੰ ਮਾਰਨ ਦੀ ਧਮਕੀ ਦੇਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਨੂ 'ਤੇ ਪਲਟਵਾਰ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਗ਼ੱਦਾਰ ਕਿਹਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਸੀਂ ਉਸ ਨੂੰ ਸਫਲ ਨਹੀਂ ਹੋਣ ਦੇਵਾਂਗੇ।
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਨੂ ਵਰਗੇ ਗ਼ੱਦਾਰ ਲੋਕਾਂ ਦੇ ਕਹਿਣ ਨਾਲ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਨੂੰ ਕੋਈ ਨੁਕਸਾਨ ਨਹੀਂ ਹੋ ਸਕਦਾ। ਪੰਜਾਬ ਅਤੇ ਦੇਸ਼ ਦੇ ਕਰੋੜਾਂ ਲੋਕ ਬਾਬਾ ਸਾਹਿਬ ਨੂੰ ਆਪਣਾ ਆਦਰਸ਼ ਮੰਨਦੇ ਹਨ। ਦਲਿਤ ਭਾਈਚਾਰੇ ਦੇ ਲੋਕ ਉਨ੍ਹਾਂ ਨੂੰ ਰੱਬ ਵਾਂਗ ਮੰਨਦੇ ਹਨ।
ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਹਮੇਸ਼ਾ ਡਾ. ਅੰਬੇਡਕਰ ਦੇ ਨਾਲ ਖੜ੍ਹੇ ਰਹੇ ਹਨ। ਆਮ ਆਦਮੀ ਪਾਰਟੀ ਦਾ ਹਰ ਵਰਕਰ ਬਾਬਾ ਸਾਹਿਬ ਦੇ ਦਿਖਾਏ ਰਸਤੇ 'ਤੇ ਚੱਲਦਾ ਹੈ। ਚੀਮਾ ਨੇ ਕਿਹਾ ਕਿ 'ਆਪ' ਵਰਕਰ ਅਤੇ ਪੰਜਾਬ ਦੇ ਤਿੰਨ ਕਰੋੜ ਲੋਕ ਪੰਨੂ ਨੂੰ ਢੁੱਕਵਾਂ ਜਵਾਬ ਦੇਣਗੇ। ਅਸੀਂ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਹ ਤੱਕ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਦੀ ਰੱਖਿਆ ਕਰਾਂਗੇ।
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ਤੇ ਆ ਕੇ ਦਿਖਾਓ, ਦੂਰ ਬੈਠ ਕੇ ਜ਼ਹਿਰ ਉਗਲਣਾ ਬੰਦ ਕਰੋ
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰਪਤਵੰਤ ਪੰਨੂ 'ਤੇ ਤਿੱਖਾ ਹਮਲਾ ਕਰਦਿਆਂ ਉਸ ਨੂੰ ਚੁਣੌਤੀ ਦਿੱਤੀ ਕਿ ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ‘ਤੇ ਆ ਕੇ ਦਿਖਾਵੇ, ਫੇਰ ਅਸੀਂ ਤੈਨੂੰ ਦੱਸਾਂਗੇ ਕਿ ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲਿਆਂ ਨਾਲ ਕੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਨੂ ਅਜਿਹੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇੱਥੋਂ ਦੇ ਲੋਕਾਂ ਦੀਆਂ ਨਜ਼ਰਾਂ ਵਿੱਚ ਉਹ ਗ਼ੱਦਾਰ ਹੈ। ਉਸਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸਦਾ ਇੱਕੋ ਇੱਕ ਕੰਮ ਨਫ਼ਰਤ ਫੈਲਾਉਣਾ ਹੈ।
ਗਿਆਸਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਡਰ ਅਤੇ ਨਫ਼ਰਤ ਫੈਲਾਉਣ ਵਾਲੀਆਂ ਫੁੱਟ ਪਾਊ ਤਾਕਤਾਂ ਨੂੰ ਹਮੇਸ਼ਾ ਨਕਾਰਿਆ ਹੈ। ਇਸ ਵਾਰ ਵੀ ਨਕਾਰ ਦੇਣਗੇ। ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ।