ਸ੍ਰੀ ਫ਼ਤਹਿਗੜ੍ਹ ਸਾਹਿਬ/21 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਵਿਸ਼ਵ ਰਚਨਾਤਮਕਤਾ ਅਤੇ ਨਵੀਨਤਾ ਹਫ਼ਤੇ ਨੂੰ ਮਨਾਉਣ ਲਈ 'ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲਾ' ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਵਿਭਾਗ ਦੇ 28 ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦੀਆਂ 7 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ-ਅਨੁਕੂਲ ਉਤਪਾਦ ਚੁਣਨ ਅਤੇ ਉਸ ਲਈ ਵਿਲੱਖਣ ਬ੍ਰਾਂਡ ਦਾ ਨਾਮ, ਲੋਗੋ ਅਤੇ ਟੈਗਲਾਈਨ ਬਣਾਉਣ ਦਾ ਕਾਰਜ ਦਿੱਤਾ ਗਿਆ ਸੀ ਜਿਸ ਵਿੱਚ ਹਰੇਕ ਟੀਮ ਨੇ ਦਿਲਚਸਪ ਪੇਸ਼ਕਾਰੀਆਂ ਰਾਹੀਂ ਆਪਣੇ ਵਿਹਾਰਕ ਗਿਆਨ ਅਤੇ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਪਾਠਕ੍ਰਮ ਦਾ ਅਹਿਮ ਹਿੱਸਾ ਹੁੰਦੀਆਂ ਹਨ ਜੋ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਆਦਾਇਕ ਮੁਕਾਬਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਵਿੱਚ ਸਹਾਇਕ ਸਿੱਧ ਹੋਣਗੇ। ਇਸ ਮੌਕੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਡਾ. ਰਤਨੇਸ਼ਪਾਲ ਸਿੰਘ ਅਤੇ ਡਾ. ਸੌਰਵ ਸ਼ਰਮਾ ਦੇ ਪੈਨਲ ਨੇ ਟੀਮਾਂ ਦਾ ਮੁਲਾਂਕਣ ਉਨ੍ਹਾਂ ਦੀ ਡਿਜ਼ਾਈਨ ਨਵੀਨਤਾ, ਸੰਕਲਪ ਦੀ ਸਪਸ਼ਟਤਾ, ਯੂ.ਐਸ.ਪੀ. ਅਤੇ ਪੇਸ਼ਕਾਰੀ ਹੁਨਰ ਦੇ ਅਧਾਰ 'ਤੇ ਕੀਤਾ। ਇਸ ਮੁਕਾਬਲੇ ਵਿੱਚ ਬੀ.ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਤਨੀਸ਼ਾ ਸਿੰਧੀ, ਸਵਰਨਜੀਤ ਕੌਰ, ਹਰਨੂਰ ਕੌਰ ਅਤੇ ਗੁਰਜਸ਼ਨ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।