ਸ੍ਰੀ ਫ਼ਤਹਿਗੜ੍ਹ ਸਾਹਿਬ/23 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ 2 ਸਕੂਲਾਂ ਵਿੱਚ 21.33 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ। ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਰੰਗ ਲਿਆਉਣ ਲੱਗ ਪਈਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਵਿਕਾਸ ਦੀਆਂ ਅਨੰਤ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਉਹਨਾਂ ਨੂੰ ਜੇਕਰ ਮੌਕੇ ਮਿਲਦੇ ਰਹਿਣ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਪਿੰਡ ਮਾਧੋਪੁਰ ਦੇ ਸਰਪੰਚ ਹਰਵੇਲ ਸਿੰਘ, ਨੰਬਰਦਾਰ ਲਖਵਿੰਦਰ ਸਿੰਘ ਚਨਾਰਥਲ ਕਲਾਂ ਦੇ ਸਰਪੰਚ ਰਾਜਦੀਪ ਸਿੰਘ ਰਾਜੂ, ਮੁੱਖ ਅਧਿਆਪਕ ਜਤਿੰਦਰ ਸਿੰਘ, ਸੁਮਨ ਰਾਣੀ (ਸੀਐਚਟੀ), ਮਾਨ ਮਾਧੋਪੁਰ, ਐਡਵੋਕੇਟ ਰਾਹੁਲ ਸ਼ਰਮਾ, ਅਮਰਿੰਦਰ ਸਿੰਘ ਮੰਡੋਫਲ, ਗੁਰਵੀਰ ਜੱਲਾ, ਚਮਨ ਕੁਰੇਸੀ, ਨੰਬੜਦਾਰ ਸਤਵੀਰ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।