ਸ੍ਰੀ ਫਤਿਹਗੜ੍ਹ ਸਾਹਿਬ/26 ਅਪ੍ਰੈਲ
(ਰਵਿੰਦਰ ਸਿੰਘ ਢੀਂਡਸਾ)
ਗਰਭਵਤੀ ਮਾਵਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਉਹਨਾਂ ਦਾ ਸੰਪੂਰਨ ਟੀਕਾਕਰਨ ਕਰਨਾ ਅਤੀ ਜਰੂਰੀ ਹੁੰਦਾ ਹੈ, ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਮਾਵਾਂ ਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵੱਲੋਂ 24 ਤੋਂ 30 ਅਪ੍ਰੈਲ ਤੱਕ "ਵਿਸ਼ਵ ਟੀਕਾਕਰਨ ਹਫ਼ਤਾ" ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਫਤਾ ਭਰ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨਾ, ਵੈਕਸੀਨ ਨਾਲ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਸਬੰਧੀ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਪੈਂਦੇ ਖ਼ਾਸ ਤੌਰ ਤੇ ਸ਼ਹਿਰੀ ਅਤੇ ਪ੍ਰਵਾਸੀ ਵਸੋਂ ਵਾਲੇ ਇਲਾਕਿਆਂ ਜਿਵੇਂ ਕਿ ਸਲੱਮ ਏਰੀਆ, ਝੁੱਗੀਆਂ, ਝੋਪੜੀਆਂ, ਭੱਠਿਆਂ, ਪਥੇਰਾ ,ਗੁਜਰਾਂ ਦੇ ਡੇਰੇ ਤੇ ਹੋਰ ਅਪਾਹੁੰਚ ਇਲਾਕਿਆਂ ਵਿੱਚ ਗਰਭਵਤੀ ਔਰਤਾਂ ਅਤੇ ਜੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਆਊਟ ਰੀਚ ਕੈਂਪ ਲਗਾਏ ਜਾ ਰਹੇ ਹਨ।ਇਸ ਮੁਹਿੰਮ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਵਿੱਚ ਭਾਸ਼ਨ, ਚਾਰਟ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ ਤੇ ਰੈਲੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਤੇ ਉਹਨਾਂ ਸਾਰੇ ਜਿਲਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ ਆਪਣੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ ।ਉਹਨਾਂ ਦੱਸਿਆ ਕਿ ਇਹ ਸਿਹਤ ਸੇਵਾਵਾਂ ਤੁਹਾਡੇ ਸਾਰੇ ਨੇੜਲੇ ਸਿਹਤ ਕੇਂਦਰਾਂ ਵਿੱਚ ਸਰਕਾਰ ਵੱਲੋਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੁੱਧਵਾਰ ਦਾ ਦਿਨ ਛੱਡ ਕੇ ਪੂਰਾ ਹਫਤਾ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਲੈਫਟ ਆਊਟ ਅਤੇ ਡਰਾਪ ਆਊਟ ਬੱਚਿਆਂ ਵੱਲ ਵਧੇਰੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਟੀਕਾਕਰਨ ਸੂਚੀ ਤੋਂ ਇਲਾਵਾ ਮੀਜਲ ਅਤੇ ਰਬੇਲਾ ਟੀਕਾਕਰਨ ਦੀ 100 ਪ੍ਰਤੀਸ਼ਤ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ।