ਸ੍ਰੀ ਫ਼ਤਹਿਗੜ੍ਹ ਸਾਹਿਬ/30 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜਮੀਨੀ ਪੱਧਰ ' ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਵਿੱਚ ਇਸ ਸਬੰਧੀ ਵਿਸਤ੍ਰਿਤ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਗਈਆਂ ਹਨ ਜਿਸ ਦੇ ਯਕੀਨੀ ਤੌਰ 'ਤੇ ਸਾਰਥਕ ਨਤੀਜੇ ਸਾਹਮਣੇ ਆਉਣਗੇ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੇ ਜ਼ਿਲ੍ਹੇ ਵਿੱਚ 3 ਮਈ ਨੂੰ ਆਯੋਜਿਤ ਕੀਤੀ ਜਾਣ ਵਾਲੀ ਵਿਲੇਜ ਡਿਫੈਂਸ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜੀਤ ਸਿੰਘ ਢਿੱਲਵਾਂ ਨੇ ਦੱਸਿਆ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰਕੇ ਸਮਾਜ ਦੇ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹੱਤਵਪੂਰਨ ਯੋਜਨਾਵਾਂ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ, ਪਿੰਡਾਂ ਅਤੇ ਵਾਰਡਾਂ ਦੇ ਹਰ ਇੱਕ ਘਰ ਤੱਕ ਰਾਬਤਾ ਬਣਾ ਕੇ ਜਿੱਥੇ ਵਸਨੀਕਾਂ ਨੂੰ ਨਸ਼ਾ ਰੋਕਣ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰੇਗਾ ਉਥੇ ਹੀ ਅਜਿਹੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾਵੇਗੀ ਜਿਹੜੇ ਕਿਸੇ ਨਾ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋ ਗਏ ਸਨ। ਉਹਨਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾ ਕੇ ਨਸ਼ਾ ਪੀੜਤਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ ਤਾਂ ਜੋ ਉਹ ਤੰਦਰੁਸਤ ਹੋਣ ਮਗਰੋਂ ਇੱਕ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰ ਸਕਣ ਅਤੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਸਕਣ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਕਾਰਜਸ਼ੀਲ ਯੂਥ ਕਲੱਬਾਂ ਨੂੰ ਵੀ ਇਸ ਅਹਿਮ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ ਤਾਂ ਜੋ ਪਿੰਡਾਂ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ। ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਇਹ ਸਾਂਝੀ ਜੰਗ ਹੈ ਜਿਸ ਵਿੱਚ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਨੂੰ ਵੀ ਵੱਧ ਚੜ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਜਿਹੜੇ ਸਵੈ ਇੱਛਾ ਨਾਲ ਨਸ਼ਾ ਛੱਡ ਚੁੱਕੇ ਹਨ ਅਤੇ ਹੁਣ ਹੋਰਨਾਂ ਨੂੰ ਵੀ ਨਸ਼ਾ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਅਸਲ ਹੀਰੋ ਹਨ ਜੋ ਦੂਜਿਆਂ ਦੀ ਕਾਲੀ ਜ਼ਿੰਦਗੀ ਨੂੰ ਰੌਸ਼ਨ ਕਰਨ ਦਾ ਅਹਿਮ ਜ਼ਰੀਆ ਬਣਨਗੇ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜੇਕਰ ਕੋਈ ਵਿਅਕਤੀ ਨਸ਼ਾ ਪੀੜਿਤ ਹੈ ਤਾਂ ਉਸ ਨੂੰ ਸਮਾਜਿਕ ਡਰ ਜਾਂ ਸ਼ਰਮ ਛੱਡ ਕੇ ਆਪਣਾ ਇਲਾਜ ਕਰਵਾਉਣ ਲਈ ਜਰੂਰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਪ੍ਰਸ਼ਾਸਨ ਅਤੇ ਪੁਲਿਸ ਨੇ ਇਲਾਜ ਸੁਵਿਧਾਵਾਂ ਪੱਖੋਂ ਬਿਹਤਰੀਨ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਅਰਵਿੰਦ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਚੌਹਾਨ, ਹਲਕਾ ਕੋਆਰਡੀਨੇਟਰ ਜਗਦੀਪ ਸਿੰਘ ਫਤਹਿਗੜ੍ਹ ਸਾਹਿਬ, ਹਰਜਿੰਦਰ ਸਿੰਘ ਬਸੀ ਪਠਾਣਾਂ, ਇਕਬਾਲ ਸਿੰਘ ਰਾਏ ਅਮਲੋਹ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।