ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ 'ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ |
ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸੀਨੀਅਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੰਤਰੀਆਂ ਦੀ ਸਬ-ਕਮੇਟੀ ਦੀ ਪਹਿਲੀ ਮੀਟਿੰਗ ਕੀਤੀ। ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਧ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਨਾਲ ਸਬੰਧਤ ਸਾਰੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।
ਹਰਪਾਲ ਚੀਮਾ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਚਾਰਜ ਦਿੱਤਾ ਗਿਆ ਹੈ। ਜਦਕਿ ਅਮਨ ਅਰੋੜਾ ਨੂੰ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਮੰਤਰੀ ਤਰੁਨਪ੍ਰੀਤ ਸੌਂਧ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੇਖਣਗੇ। ਮੰਤਰੀ ਲਾਲਜੀਤ ਭੁੱਲਰ ਨੂੰ ਫਰੀਦਕੋਟ, ਮੁਕਤਸਰ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੂਰੇ ਪੰਜਾਬ ਦੇ ਸਿਹਤ ਢਾਂਚੇ ਅਤੇ ਸਿਹਤ ਵਿਭਾਗ ਦਾ ਨਿਰੀਖਣ ਕਰਨਗੇ ਅਤੇ ਸਿਹਤ ਸੇਵਾਵਾਂ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲੈਣਗੇ।