ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ, ਜਦੋਂ ਕਿ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ।
'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਬਰਿੰਦਰ ਗੋਇਲ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਨਵੇਂ ਚੁਣੇ ਸਾਰੇ ਕੌਂਸਲਰਾਂ ਨੇ ਪਟਿਆਲਾ ਨਗਰ ਨਿਗਮ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਪਟਿਆਲਾ ਲਈ ਇਸ ਦਿਨ ਨੂੰ ਇਤਿਹਾਸਕ ਦੱਸਿਆ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਵਿਕਾਸ ਪ੍ਰਤੀ ਪਾਰਟੀ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।
ਅਰੋੜਾ ਨੇ ਕਿਹਾ ਕਿ ਤਿੰਨੋਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ, ਜੋ ਕਿ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਸ਼ਾਸਨ ਪ੍ਰਦਾਨ ਕਰਨ ਪ੍ਰਤੀ 'ਆਪ' ਦੇ ਕੌਂਸਲਰਾਂ ਦੀ ਏਕਤਾ ਅਤੇ ਸਮਰਪਣ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਵਲੰਟੀਅਰਾਂ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮੁੱਖ ਜ਼ਿੰਮੇਵਾਰੀਆਂ ਦੇਣ ਪ੍ਰਤੀ ਪਾਰਟੀ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕੁੰਦਨ ਗੋਗੀਆ ਵਰਗੇ ਸਮਰਪਿਤ ਵਲੰਟੀਅਰ ਨੂੰ ਪਟਿਆਲਾ ਵਰਗੇ ਸ਼ਹਿਰ ਦੀ ਅਗਵਾਈ ਸੌਂਪੀ ਜਾਣੀ 'ਆਪ' ਦੇ ਜ਼ਮੀਨੀ ਪਧਰ ਦੇ ਮੈਂਬਰਾਂ ਵਿੱਚ ਪਾਰਟੀ ਪ੍ਰਤੀ ਵਿਸ਼ਵਾਸ ਨੂੰ ਦਰਸਾਉਂਦਾ ਹੈ।